ਚੰਡੀਗੜ੍ਹ, 30 ਅਪਰੈਲ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਿਆਂ ਦੇ ਮੁੱਖ ਮੈਡੀਕਲ ਅਫ਼ਸਰਾਂ (ਸੀਐੱਮਓਜ਼) ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਹਸਪਤਾਲਾਂ ਵਿਚ ਵੀਆਈਪੀਜ਼ ਦੀ ਆਮਦ ਨਾਲ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਅਤੇ ਭਰਤੀ ਦੀ ਪ੍ਰਕ੍ਰਿਆ ’ਤੇ ਕੋਈ ਮਾੜਾ ਅਸਰ ਨਾ ਪਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਅਤੇ ਉਨ੍ਹਾਂ ਦਾ ਇਲਾਜ ਤਰਜੀਹੀ ਅਧਾਰ ’ਤੇ ਹੋਵੇ। ਇਹ ਹੁਕਮ ਉਦੋਂ ਆਏ ਹਨ ਜਦੋਂ ਇਕ ਦਿਨ ਪਹਿਲਾਂ ਜੀਂਦ ਸਿਵਲ ਹਸਪਤਾਲ ਦੇ ਮਰੀਜ਼ ਨਾਲ ਆਏ ਇਕ ਵਿਅਕਤੀ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਧਿਆਨ ਇਸ ਪਾਸੇ ਦਿਵਾਇਆ ਸੀ ਕਿ ਹਸਪਤਾਲ ਵਿੱਚ ਉਨ੍ਹਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੇ ਸਖ਼ਤ ਪ੍ਰੋਟੋਕਾਲ ਲਾਗੂ ਕਰ ਦਿੱਤਾ ਸੀ, ਜਿਸ ਕਾਰਨ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।