ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਗੱਠਜੋੜ ਸਰਕਾਰ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਨਗਰ ਨਿਗਮ ਅਤੇ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਦੇ ਨਾਲ-ਨਾਲ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਉਹ ਗੱਠਜੋੜ ਵਿੱਚ ਰਹਿ ਕੇ ਲੜਨਗੇ। ਉਨ੍ਹਾਂ ਕਿਹਾ ਕਿ ਭਾਜਪਾ ਤੇ ਜੇਜੇਪੀ ਗੱਠਜੋੜ ਅਗਲੇ ਢਾਈ ਸਾਲ ਵੀ ਮਜ਼ਬੂਤੀ ਨਾਲ ਸਰਕਾਰ ਚਲਾਵੇਗਾ।
ਸ੍ਰੀ ਚੌਟਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਕਾਰਜਕਾਰਨੀ ਵਿੱਚ ਬਦਲਾਅ ਕਰ ਕੇ ਨਤੀਜਾ ਦੇਖ ਲਿਆ ਹੈ ਤੇ ਉਹ ਹੀ ਹਾਲ ਦਸੰਬਰ 2022 ’ਚ ਹਿਮਾਚਲ ਪ੍ਰਦੇਸ਼ ਤੇ ਸਾਲ 2024 ’ਚ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰਦੇ ਹਨ, ਜਦਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਵਿੱਚ ਤੇਲ ਕੀਮਤਾਂ ਹਰਿਆਣਾ ਨਾਲੋਂ ਬਹੁਤ ਵੱਧ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਸੂਬਿਆਂ ਵਿੱਚ ਟੈਕਸ ਵਿੱਚ ਕਟੌਤੀ ਕਰਨ ਤੋਂ ਬਾਅਦ ਹੋਰਾਂ ਨੂੰ ਸਲਾਹ ਦੇਵੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਾਲ 2022-23 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਸੂਬਾ ਸਰਕਾਰ ਨੇ 9200 ਕਰੋੜ ਰੁਪਏ ਟੈਕਸ ਦੇ ਰੂਪ ਵਿੱਚ ਕਮਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੰਚਾਇਤਾਂ ਦੇ ਸੁਝਾਅ ਮੰਨਦੇ ਹੋਏ ਸੂਬੇ ਵਿੱਚ 100 ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਹਵਾਈ ਜਹਾਜ਼ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਜੌਰ, ਕਰਨਾਲ, ਨਾਰਨੌਲ ਅਤੇ ਭਿਵਾਨੀ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਖੇਤਰ ਵਿੱਚ ਡਿਫੈਂਸ ਨਾਲ ਸਬੰਧਤ ਕਾਰੋਬਾਰ ਕਰਨ ਵਾਲਿਆਂ ਨੂੰ 5 ਫ਼ੀਸਦ ਦੀ ਮਦਦ ਦਿੱਤੀ ਜਾਵੇਗੀ। ਇਸੇ ਤਰ੍ਹਾਂ 25 ਕਿਲੋਮੀਟਰ ਦੇ ਇਲਾਕੇ ਵਿੱਚ ਕਾਰੋਬਾਰ ਕਰਨ ਵਾਲੇ ਨੂੰ 20 ਕਰੋੜ ਰੁਪਏ ਤੱਕ ਦਾ ਜੀਐੱਸਟੀ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਹਰਿਆਣਾ ਵਿੱਚ 16 ਫ਼ੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ।
ਮੰਡੀਆਂ ਵਿੱਚ ਸਿਰਫ ਅੱਠ ਕਿਸਾਨ ਲਿਆਏ ਸਰ੍ਹੋਂ ਦੀ ਫ਼ਸਲ
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਇਸ ਸਾਲ ਮੰਡੀਆਂ ਵਿੱਚ ਸਿਰਫ਼ ਅੱਠ ਕਿਸਾਨ ਹੀ ਸਰ੍ਹੋਂ ਦੀ ਫ਼ਸਲ ਵੇਚਣ ਲਈ ਆਏ ਸਨ। ਉਨ੍ਹਾਂ ਦੱਸਿਆ ਕਿ ਨਿੱਜੀ ਮੰਡੀਆਂ ’ਚ ਸਰ੍ਹੋਂ ਦੀ ਕੀਮਤ ਐੱਮਐੱਸਪੀ ਤੋਂ ਵੱਧ ਮਿਲੀ ਹੈ ਤਾਂ ਕਿਸਾਨਾਂ ਨੇ ਆਪਣੀ ਫ਼ਸਲ ਪ੍ਰਾਈਵੇਟ ਮੰਡੀਆਂ ਵਿੱਚ ਵੇਚ ਕੇ ਵੱਧ ਰੁਪਏ ਕਮਾਏ ਹਨ।