ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਨਵੰਬਰ
ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਇਸ ਸਬੰਧੀ ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੰਘੇ ਦਿਨ ਹੀ ਹਰਿਆਣਾ ਦੇ ਰਾਜਪਾਲ ਨੂੰ ਪੱਤਰ ਲਿੱਖ ਕੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਕੀਤੀ ਸੀ। ਹਰਿਆਣਾ ਸਰਕਾਰ ਇਸ ਸਰਦ ਰੁੱਤ ਇਜਲਾਸ ਵਿੱਚ ਕਈ ਨਵੇਂ ਬਿੱਲ ਲਿਆ ਸਕਦੀ ਹੈ, ਜਿਸ ’ਤੇ ਹਰਿਆਣਾ ਦੇ ਵਜ਼ੀਰਾਂ ਤੇ ਵਿਧਾਇਕਾਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿਧਾਨ ਸਭਾ ਸੈਸ਼ਨ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਜੇਕਰ ਕਾਂਗਰਸ ਪਾਰਟੀ ਨੇ 12 ਨਵੰਬਰ ਤੱਕ ਵਿਰੋਧੀ ਧਿਰ ਦੇ ਆਗੂ ਦੀ ਚੋਣ ਨਹੀਂ ਕੀਤੀ ਤਾਂ ਪਹਿਲੀ ਵਾਰ ਹੋਵੇਗਾ ਕਿ ਵਿਧਾਨ ਸਭਾ ਸੈਸ਼ਨ ਬਿਨਾਂ ਵਿਰੋਧੀ ਧਿਰ ਦੇ ਆਗੂ ਤੋਂ ਚਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਪਹਿਲਾਂ 25 ਅਕਤੂਬਰ ਨੂੰ ਇਕ ਦਿਨ ਦਾ ਵਿਧਾਨ ਸਭਾ ਸੈਸ਼ਨ ਸੱਦਿਆ ਸੀ। ਇਸ ਦੇ ਨਾਲ ਹੀ ਸਪੀਕਰ ਹਰਵਿੰਦਰ ਕਲਿਆਣ ਅਤੇ ਡਿਪਟੀ ਸਪੀਕਰ ਕ੍ਰਿਸ਼ਨ ਮਿੱਢਾ ਨੂੰ ਚੁਣਿਆ ਗਿਆ ਸੀ।