ਪੱਤਰ ਪ੍ਰੇਰਕ
ਜਲੰਧਰ, 22 ਮਈ
ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਅੱਜ ਕਰਤਾਰਪੁਰ, ਜਲੰਧਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਬਰਜਿੰਦਰ ਸਿੰਘ ਹਮਦਰਦ ਸਣੇ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਨਿੱਜੀ ਵਿਅਕਤੀ ਸਣੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਲਈ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 26 ਮੁਲਜ਼ਮਾਂ ਵਿੱਚੋਂ ਵਿਜੀਲੈਂਸ ਬਿਊਰੋ ਨੇ ਹੁਣ ਤੱਕ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।