ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਪਰੈਲ
ਨਗਰ ਸੁਧਾਰ ਟਰੱਸਟ ਦੀਆਂ ਫਾਈਲਾਂ ਗੁੰਮ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਟਰੱਸਟ ਦੇ ਚੇਅਰਮੈਨ ਅਤੇ ਸੀਨੀਅਰ ਸਹਾਇਕ ਅਜੈ ਮਲਹੋਤਰਾ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੀ 22 ਮਾਰਚ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਵਿਜੀਲੈਂਸ ਵਿੰਗ ਨੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰ ਕੇ ਰਿਕਾਰਡ ਮੰਗਿਆ ਸੀ, ਜੋ ਉਨ੍ਹਾਂ ਸਾਹਮਣੇ ਪੇਸ਼ ਨਹੀਂ ਕੀਤਾ ਗਿਆ। ਜਾਣਕਾਰੀ ਅਨੁਸਾਰ 120 ਫਾਈਲਾਂ ਗੁੰਮ ਹੋ ਗਈਆਂ ਸਨ, ਜਿਹੜੀਆਂ ਕਾਫੀ ਮਹੱਤਵਪੂਰਨ ਦੱਸੀਆਂ ਜਾ ਰਹੀਆਂ ਹਨ। ਟਰੱਸਟ ਦੇ ਕਾਰਜਸਾਧਕ ਅਫ਼ਸਰ ਪਰਮਿੰਦਰ ਸਿੰਘ ਨੇ ਵੀ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਸੀ ਕਿ ਟਰੱਸਟ ਦੇ ਸੀਨੀਅਰ ਸਹਾਇਕ ਅਜੈ ਮਲਹੋਤਰਾ, ਜਿਹੜੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੇ ਪੀਏ ਵਜੋਂ ਵੀ ਕੰਮ ਕਰਦੇ ਸਨ, ਬਹੁਤ ਸਾਰੀਆਂ ਫਾਈਲਾਂ ਇਹ ਕਹਿ ਕੇ ਲੈ ਗਏ ਸਨ ਕਿ ਇਹ ਚੇਅਰਮੈਨ ਨੇ ਮੰਗਵਾਈਆਂ ਹਨ। ਕਾਰਜਸਾਧਕ ਅਫਸਰ ਨੇ ਦੱਸਿਆ ਕਿ ਇਹ ਫਾਈਲਾਂ ਵਾਪਸ ਨਹੀਂ ਕੀਤੀਆਂ ਗਈਆਂ ਤੇ ਸਾਰਾ ਰਿਕਾਰਡ ਖੁਰਦ-ਬੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਕੈਸ਼ਬੁੱਕ ਤੇ ਵਿੱਤੀ ਮਾਮਲਿਆਂ ਨਾਲ ਸਬੰਧਤ ਦਸਤਾਵੇਜ਼ ਗੁੰਮ ਕਰ ਕੇ ਅਦਾਰੇ ਨੂੰ ਸਾਜ਼ਿਸ਼ ਤਹਿਤ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ। ਕੈਸ਼ਬੁੱਕ ਅਤੇ ਸਬੰਧਤ ਰਿਕਾਰਡ ਨਾ ਮਿਲਣ ਕਰਕੇ ਅਦਾਰੇ ਦਾ ਲੇਖਾ-ਜੋਖਾ ਕਰਨਾ ਸੰਭਵ ਨਹੀਂ। ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਹੀ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਕੇਸ ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ। ਇਸ ਮਾਮਲੇ ਦੀ ਤਫਤੀਸ਼ ਕਰਨ ਲਈ ਸਬ-ਇੰਸਪੈਕਟਰ ਅਵਤਾਰ ਸਿੰਘ ਨੂੰ ਜਾਂਚ ਅਫਸਰ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਦਰਜ ਕੀਤੀ ਗਈ ਐੱਫਆਈਆਰ ਵਿੱਚ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦਾ ਨਾਂ ਨਹੀਂ ਲਿਖਿਆ ਗਿਆ, ਸਿਰਫ ਉਸ ਸਮੇਂ ਤਾਇਨਾਤ ਚੇਅਰਮੈਨ ਹੀ ਲਿਖਿਆ ਗਿਆ ਹੈ।