ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਸਤੰਬਰ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਪੀੜਤ ਲੜਕੀ ਦਾ ਹਾਲ ਚਾਲ ਜਾਣਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਪ੍ਰਧਾਨ ਨੇ ਕਿਹਾ ਕਿ ਡਾਕ ਵਿਭਾਗ ਵਿੱਚ ਕੰਮ ਕਰਦੀ ਉਕਤ ਲੜਕੀ ਨੂੰ ਸ਼ੱਕੀ ਹਾਲਤ ਵਿੱਚ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨੂੰ ਗੰਭੀਰ ਸਥਿਤੀ ਵਿੱਚ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸੁਧ ਲੜਕੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ ਪਰ ਉਹ ਹਾਲੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੀੜਤਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਪੁਲੀਸ ਤੇਜ਼ੀ ਨਾਲ ਜਾਂਚ ਕਰੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਭਾਜਪਾ ਪ੍ਰਧਾਨ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਮਾਮਲੇ ’ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦੀ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਇਸ ਤਰ੍ਹਾਂ ਦੇ ਮਾੜੇ ਅਨਸਰਾਂ ਨੂੰ ਸਿਰ ਨਾ ਚੁੱਕਣ ਦੇਣ ਅਤੇ ਸਖਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਗੈਂਗਸਟਰਾਂ ਲਈ ਸੁਰੱਖਿਤ ਇਲਾਕਾ ਬਣਦਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਅਮਨ ਕਾਨੂੰਨ ਬਹਾਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਸ ਮੌਕੇ ਭਾਜਪਾ ਦੇ ਸੂਬਾ ਉਪ ਪ੍ਰਧਾਨ ਕੇ ਡੀ ਭੰਡਾਰੀ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਰਾਏ, ਸਾਬਕਾ ਸੰਸਦ ਸੁਸ਼ੀਲ ਕੁਮਾਰ ਰਿੰਕੂ, ਕਰਮਜੀਤ ਕੌਰ, ਜ਼ਿਲ੍ਹਾ ਭਾਜਪਾ ਜਨਰਲ ਸੈਕਰੇਟਰੀ ਅਸ਼ੋਕ ਸਰੀਨ ਹਿੱਕੀ ਅਤੇ ਰਾਜਨ ਅਨੁਗਰਾਲ ਵੀ ਹਾਜ਼ਰ ਸਨ।