ਹਤਿੰਦਰ ਮਹਿਤਾ
ਜਲੰਧਰ, 9 ਜੁਲਾਈ
ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗਿੱਦੜਪਿੰਡੀ ਵਿੱਚ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਮੌਜੂਦਾ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਲਗਾਤਾਰ ਮੀਂਹ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਹੜ੍ਹਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਪਹਿਲਾਂ ਹੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਜਾ ਚੁੱਕਾ ਹੈ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਸੁਰੱਖਿਆ ਕਾਰਜ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਮੰਤਰੀ ਅਤੇ ਸੰਸਦ ਮੈਂਬਰ ਨੂੰ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਸਾਲ ਲਈ ਹੜ੍ਹ ਰੋਕੂ ਕਾਰਜ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਮੌਨਸੂਨ ਦੌਰਾਨ ਦਰਿਆ ਵਿੱਚ ਪਾਣੀ ਦੇ ਪੱਧਰ ’ਤੇ ਅਧਿਕਾਰੀਆਂ ਵੱਲੋਂ ਪੂਰੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਜਲੰਧਰ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸ਼ਲਾਘਾ ਕੀਤੀ।