ਜਲੰਧਰ: ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਏ.ਪੀ. ਖਾਦ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਕਰਦਾ ਮਿਲਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਾ. ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਦ ਵਿਕਰੇਤਾ ਖਾਦ ਦਾ ਭੰਡਾਰਨ ਨਾ ਕਰ ਸਕੇ ਤਾਂ ਜੋ ਕਿਸਾਨਾਂ ਨੂੰ ਡੀ.ਏ.ਪੀ. ਖਾਦ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਖਾਦ ਵਿਕਰੇਤਾ ਤੇ ਸਹਿਕਾਰੀ ਸੁਸਾਇਟੀਆਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਵੀ ਹੋਰ ਸਮੱਗਰੀ ਖਰੀਦਣ ਲਈ ਮਜਬੂਰ ਨਹੀਂ ਕਰਨਗੇ ਅਤੇ ਨਾ ਹੀ ਨਿਰਧਾਰਤ ਕੀਮਤ ਤੋਂ ਵੱਧ ਰੇਟ ਵਸੂਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਕੋਲੋਂ ਖਾਦ ਦੇ ਤੈਅ ਰੇਟ ਤੋਂ ਵੱਧ ਕੀਮਤ ਵਸੂਲਦਾ ਮਿਲਿਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।