ਜਲੰਧਰ (ਪੱਤਰ ਪ੍ਰੇਰਕ): ਆਦਮਪੁਰ ਦੇ ਮੁਹੱਲਾ ਜੱਟਾਂ ਵਿੱਚ ਮੋਟਰਸਾਈਕਲ ਸਵਾਰਾਂ ਨੇ ਸਨਸੋਆ ਫਾਇਨਾਂਸ ਨਾਮੀ ਦੁਕਾਨ ’ਤੇ ਗੋਲੀ ਚਲਾ ਦਿੱਤੀ। ਇਸ ਹਮਲੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੁਕਾਨ ਦੇ ਮਾਲਕ ਰਾਮ ਤੀਰਥ ਉਰਫ ਦੀਪਾ ਪੁੱਤਰ ਕਸ਼ਮੀਰ ਸਿੰਘ ਵਾਸੀ ਆਦਮਪੁਰ ਨੇ ਦੱਸਿਆ ਕਿ ਉਹ ਦੁਕਾਨ ਖੋਲ੍ਹ ਕੇ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ। ਦੁਪਹਿਰ ਇੱਕ ਵਜੇ ਦੇ ਕਰੀਬ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਦੁਕਾਨ ’ਤੇ ਗੋਲੀ ਚਲਾਈ ਤੇ ਫ਼ਰਾਰ ਹੋ ਗਏ। ਮੌਕੇ ’ਤੇ ਪਹੁੰਚੇ ਡੀਐੱਸਪੀ ਆਦਮਪੁਰ ਵਿਜੈ ਕੁੰਵਰ ਪਾਲ ਸਿੰਘ, ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਫੋਰੈਂਸਕ ਮਾਹਿਰਾਂ ਨੇ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਹਰ ਪਹਿਲੂ ’ਤੇ ਧਿਆਨ ਰੱਖ ਕੇ ਜਾਂਚ ਕਰ ਰਹੀ ਹੈ ਤੇ ਛੇਤੀ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ।