ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਮਈ
ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ-19 ਦੇ ਮਰੀਜ਼ ਦੀ ਸੀਟੀ ਸਕੈਨ ਕਰਨ ’ਤੇ ਕੈਪ ਸਕੈਨ ਐਂਡ ਡਾਇਗਨੌਸਟਿਕ ਸੈਂਟਰ ਵੱਲੋਂ ਵੱਧ ਫੀਸ ਵਸੂਲਣ ਸਬੰਧੀ ਲਾਏ ਗਏ ਦੋਸ਼ਾਂ ’ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਐਡਵੋਕੇਟ ਡੀਐੱਸ ਬਾਵਾ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਸਕੈਨਿੰਗ ਸੈਂਟਰ ਵੱਲੋਂ ਕੋਵਿਡ ਦੇ ਮਰੀਜ਼ ਦੀ ਸਕੈਨ ਲਈ 5000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਖੁਦ ਇਕ ਵਕੀਲ ਹਨ ਜਦਕਿ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮਰੀਜ਼ ਦੀ ਸਕੈਨਿੰਗ ਲਈ 2000 ਰੁਪਏ ਰੇਟ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਸ ਰਕਮ ਦੀ ਹਸਪਤਾਲ ਵੱਲੋਂ ਮੰਗ ਕੀਤੀ ਜਾ ਰਹੀ ਹੈ ਉਹ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਹੈ ਜਿਸ ਕਰਕੇ ਸਕੈਨਿੰਗ ਸੈਂਟਰ ਨੂੰ ਇਸ ਸਬੰਧੀ ਆਪਣਾ ਪੱਖ ਰੱਖਣ ਲਈ ਕਾਰਨ ਦਸੋ ਨੋਟਿਸ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਵਿਰੁੱਧ ਲੜਾਈ ਦੌਰਾਨ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਕੋਵਿਡ ਦੇ ਇਲਾਜ ਦੌਰਾਨ ਵਾਧੂ ਚਾਰਜ ਵਸੂਲਿਆ ਜਾ ਰਿਹਾ ਹੈ ਤਾਂ ਉਹ ਪ੍ਰਸ਼ਾਸਨ ਪਾਸ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਕੰਟਰੋਲ ਰੂਮ ਨੰਬਰ 0181-2224417 ’ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।