ਪੱਤਰ ਪ੍ਰੇਰਕ
ਜਲੰਧਰ, 16 ਸਤੰਬਰ
ਇੰਗਲੈਂਡ ਫੇਰੀ ’ਤੇ ਗਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਆਖਰੀ ਧਾਰਮਿਕ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਕਿਰਤ ਦਾ ਸੰਕਲਪ ਸਭ ਤੋਂ ਉੱਚਾ ਹੈ। ਗੁਰਦੁਆਰਾ ਬਾਬੇ ਕੇ ਬਰਮਿੰਘਮ ਵਿਖੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੁ ਨਾਨਕ ਦੇਵ ਜੀ ਨੇ ਸਭ ਤੋਂ ਪਹਿਲਾਂ ਕਿਰਤ ਕਰਨ ਦਾ ਹੀ ਸੰਦੇਸ਼ ਦਿੱਤਾ ਹੈ। ਦੁਨੀਆਂ ਵਿੱਚ ਸੇਵਾ ਦਾ ਸੰਕਲਪ ਸਭ ਤੋਂ ਉੱਚਾ ਅਤੇ ਸੁੱਚਾ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਤਰੱਕੀ ਵਿੱਚ ਪਰਵਾਸੀ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।
ਉਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਗੋਦ ਲੈਣ ਤੇ ਆਪਣੀਆਂ ਜ਼ਮੀਨਾਂ ਵਿੱਚ ਬਾਗਬਾਨੀ ਅਤੇ ਜੰਗਲ ਲਾਉਣ ਨੂੰ ਤਰਜੀਹ ਦੇਣ। ਇਸ ਮੌਕੇ ਧਾਰਮਿਕ ਸਮਾਗਮ ਵਿੱਚ ਜਸਵਿੰਦਰ ਸਿੰਘ ਕਾਲਾ, ਮਨਜੀਤ ਸਿੰਘ ਭੋਗਲ, ਘਨਵੀਰ ਸਿੰਘ, ਲਵਦੀਪ ਸਿੰਘ, ਚਰਨਜੀਤ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ, ਰਵੀ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।