ਨਵੀਂ ਦਿੱਲੀ, 22 ਅਗਸਤ
ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਇਨਾਤ ਕੀਤੇ ਜਾ ਰਹੇ ਆਪਣੇ 400 ਤੋਂ ਵੱਧ ਅਬਜ਼ਰਵਰਾਂ ਨੂੰ ਚੋਣ ਪ੍ਰਕਿਰਿਆ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕਰਨ ਵਾਲੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ। ਅਬਜ਼ਰਵਰਾਂ ਨੂੰ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਯਾਦ ਦਿਵਾਉਂਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਪ੍ਰਤੀਨਿਧ ਹੋਣ ਦੇ ਨਾਤੇ ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ-ਆਪ ਨੂੰ ਪੇਸ਼ੇਵਰ ਢੰਗ ਨਾਲ ਚਲਾਉਣ ਅਤੇ ਉਮੀਦਵਾਰਾਂ ਅਤੇ ਲੋਕਾਂ ਸਣੇ ਸਾਰੇ ਹਿੱਸੇਦਾਰਾਂ ਤੱਕ ਪਹੁੰਚਯੋਗ ਹੋਣ। ਉਨ੍ਹਾਂ ਅਬਜ਼ਰਵਰਾਂ ਨੂੰ ਭਾਸ਼ਾ ਦੀਆਂ ਰੁਕਾਵਟਾਂ ਦੂਰ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਕਿ ਸੰਚਾਰ ਵਿੱਚ ਕੋਈ ਖਾਮੀ ਨਾ ਹੋਵੇ। ਰਾਜੀਵ ਕੁਮਾਰ ਨੇ ਅਬਜ਼ਰਵਰਾਂ ਨੂੰ ਯਾਦ ਕਰਵਾਇਆ ਕਿ ਉਹ ਪਾਰਟੀਆਂ, ਉਮੀਦਵਾਰਾਂ, ਵੋਟਰਾਂ ਅਤੇ ਚੋਣ ਕਮਿਸ਼ਨ ਦੀਆਂ ਨਜ਼ਰਾਂ ਹੇਠ ਹੋਣਗੇ। ਜੰਮੂ ਕਸ਼ਮੀਰ ਅਤੇ ਹਰਿਆਣਾ ਵਿੱਚ 100 ਜਨਰਲ ਅਬਜ਼ਰਵਰ, 100 ਪੁਲੀਸ ਅਬਜ਼ਰਵਰ ਅਤੇ ਇੰਨੇ ਹੀ ਖਰਚਾ ਨਿਗਰਾਨ ਨਿਯੁਕਤ ਕੀਤੇ ਜਾ ਰਹੇ ਹਨ।
ਸੀਈਸੀ ਕੁਮਾਰ ਨੇ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕਰਨ ਵਾਲੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ।
ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਸਮੁੱਚੀ ਚੋਣ ਪ੍ਰਣਾਲੀ ਦਾ ਪਾਲਣ ਕਰਨਾ ਚਾਹੀਦਾ ਹੈ। -ਪੀਟੀਆਈ