ਕੋਲਕਾਤਾ, 14 ਅਕਤੂਬਰ
ਪੱਛਮੀ ਬੰਗਾਲ ਵਿੱਚ ਆਰਜੀ ਕਰ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ਵਿਚ ਸਾਰੀਆਂ ਮੰਗਾਂ ਨਾ ਮੰਨੇ ਜਾਣ ’ਤੇ ਜੂਨੀਅਰ ਡਾਕਟਰਾਂ ਵੱਲੋਂ ਭੁੱਖ ਹੜਤਾਲ ਜਾਰੀ ਹੈ। ਇਹ ਭੁੱਖ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਦੋ ਹੋਰ ਡਾਕਟਰਾਂ ਦੀ ਸਿਹਤ ਵਿਗੜ ਗਈ ਜਿਨ੍ਹਾਂ ਵਿੱਚੋਂ ਇੱਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਨੇ ਅੱਜ ਸ਼ਹਿਰ ਵਿੱਚ ਰੈਲੀ ਕੀਤੀ। ਉਨ੍ਹਾਂ ਸਾਰੇ ਮਸਲੇ ਹੱਲ ਕਰਨ ਤੇ ਮਾਮਲੇ ਦੀ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ।
ਜਾਣਕਾਰੀ ਅਨੁਸਾਰ ਐੱਨਆਰਐੱਸ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਜੂਨੀਅਰ ਡਾਕਟਰ ਪੁਲਾਸਥਾ ਆਚਾਰੀਆ ਨੂੰ ਪੇਟ ਵਿੱਚ ਤੇਜ਼ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਦੇਰ ਰਾਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਐਨਆਰਐਸ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਨੇ ਦੱਸਿਆ, ‘ਪੁਲਾਸਥਾ ਸੀਸੀਯੂ ਯੂਨਿਟ ਵਿੱਚ ਭਰਤੀ ਹੈ ਅਤੇ ਉਸ ਦੀ ਸਿਹਤ ਵਿਗੜ ਗਈ ਹੈ। ਅਸੀਂ ਉਸ ਦੇ ਇਲਾਜ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਹੈ।’ ਇਸ ਤੋਂ ਇਲਾਵਾ ਕੋਲਕਾਤਾ ਮੈਡੀਕਲ ਕਾਲਜ ਦੀ ਇਕ ਹੋਰ ਜੂਨੀਅਰ ਡਾਕਟਰ ਤਾਨਿਆ ਪੰਜਾ ਦੀ ਅੱਜ ਦੁਪਹਿਰ ਵੇਲੇ ਸਿਹਤ ਵਿਗੜ ਗਈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਪਰ ਉਸ ਨੂੰ ਹਾਲੇ ਹਸਪਤਾਲ ਵਿਚ ਭਰਤੀ ਨਹੀਂ ਕੀਤਾ ਗਿਆ।
ਸੀਨੀਅਰ ਟੀਐਮਸੀ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਮਾਮਲੇ ਨੂੰ ਹੱਲ ਕਰਨ ਲਈ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਡਾਕਟਰ ਸੁਰਖੀਆਂ ਵਿਚ ਰਹਿਣ ਲਈ ਪ੍ਰਦਰਸ਼ਨ ਕਰ ਰਹੇ ਹਨ। -ਪੀਟੀਆਈ
ਡਾਕਟਰਾਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ
ਪੱਛਮੀ ਬੰਗਾਲ ਦੀਆਂ 12 ਡਾਕਟਰ ਜਥੇਬੰਦੀਆਂ ਦੇ ਆਗੂਆਂ ਅਤੇ ਸੂਬਾ ਸਰਕਾਰ ਦੇ ਮੁੱਖ ਸਕੱਤਰ ਮਨੋਜ ਪੰਤ ਦਰਮਿਆਨ ਅੱਜ ਇੱਥੋਂ ਦੇ ਸਿਹਤ ਭਵਨ ਵਿੱਚ ਹੋਈ ਬੈਠਕ ਬੇਸਿੱਟਾ ਰਹੀ। ਸੂਤਰਾਂ ਨੇ ਕਿਹਾ ਕਿ ਸਰਕਾਰ ਮਾਮਲੇ ਨੂੰ ਸੁਲਝਾਉਣ ਲਈ ਸਮਾਂ ਸੀਮਾ ਤੈਅ ਕਰਨ ਤੋਂ ਝਿਜਕ ਰਹੀ ਹੈ। ਉਨ੍ਹਾਂ ਸਿਹਤ ਸਕੱਤਰ ਐਨਐਸ ਨਿਗਮ ਦੀ ਗੈਰਹਾਜ਼ਰੀ ’ਤੇ ਵੀ ਇਤਰਾਜ਼ ਜਤਾਇਆ। ਡਾਕਟਰਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਸੰਘਰਸ਼ ਕਰਨ ਵਾਲੇ ਜੂਨੀਅਰ ਡਾਕਟਰਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਸਿੱਧੇ ਗੱਲ ਕਰਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਐਨ ਐਸ ਨਿਗਮ 15 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ’ਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਗਏ ਹਨ।