ਕੋਲਕਾਤਾ:
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਬਰ-ਜਨਾਹ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਸਖ਼ਤ ਕੇਂਦਰੀ ਕਾਨੂੰਨ ਬਣਾਇਆ ਜਾਵੇ। ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਅਲੱਪਨ ਬੰਦੋਪਾਧਿਆਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਪੱਤਰ ਪੜ੍ਹ ਕੇ ਸੁਣਾਇਆ। ਦੇਸ਼ ਭਰ ’ਚ ਜਬਰ-ਜਨਾਹ ਦੇ ਕੇਸਾਂ ’ਚ ਵਾਧੇ ’ਤੇ ਚਿੰਤਾ ਜ਼ਾਹਿਰ ਕਰਦਿਆਂ ਮਮਤਾ ਨੇ ਕਿਹਾ ਕਿ ਔਰਤਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਰਿਆਂ ਦਾ ਫ਼ਰਜ਼ ਹੈ ਅਤੇ ਸਖ਼ਤ ਕੇਂਦਰੀ ਕਾਨੂੰਨ ਰਾਹੀਂ ਅਜਿਹੇ ਘਿਨਾਉਣੇ ਜੁਰਮ ’ਤੇ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੇ ਗਠਨ ਦੀ ਵੀ ਤਜਵੀਜ਼ ਰੱਖਦਿਆਂ ਸੁਝਾਅ ਦਿੱਤਾ ਕਿ ਅਜਿਹੇ ਕੇਸਾਂ ਦਾ ਨਿਬੇੜਾ 15 ਦਿਨਾਂ ਦੇ ਅੰਦਰ ਹੋਵੇ। -ਪੀਟੀਆਈ