ਨਵੀਂ ਦਿੱਲੀ, 1 ਨਵੰਬਰ
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ‘ਬੇਨਿਯਮੀਆਂ’ ਦੇ ਦੋਸ਼ ਰੱਦ ਕੀਤੇ ਜਾਣ ’ਤੇ ਚੋਣ ਕਮਿਸ਼ਨ ਉਪਰ ਵਰ੍ਹਦਿਆਂ ਦੋਸ਼ ਲਾਇਆ ਕਿ ਕਮਿਸ਼ਨ ਨੇ ਉਸ ਦੀਆਂ ਸ਼ਿਕਾਇਤਾਂ ਦਾ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਅਤੇ ਖੁਦ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਪਾਰਟੀ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਫ਼ੈਸਲੇ ’ਤੇ ਕੋਈ ਹੈਰਾਨੀ ਨਹੀਂ ਹੋਈ ਹੈ। ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਲਿਖੇ ਜਵਾਬੀ ਪੱਤਰ ’ਚ ਇਹ ਵੀ ਕਿਹਾ ਕਿ ਜੇ ਕਮਿਸ਼ਨ ਕਾਂਗਰਸ ਬਾਰੇ ਕੀਤੀਆਂ ਗਈਆਂ ਕੁਝ ਸਖ਼ਤ ਟਿੱਪਣੀਆਂ ’ਤੇ ਕਾਇਮ ਰਹਿੰਦਾ ਹੈ ਤਾਂ ਉਸ ਨੂੰ ਕਾਨੂੰਨ ਦਾ ਸਹਾਰਾ ਲੈਣਾ ਪਵੇਗਾ। ਕਾਂਗਰਸ ਵੱਲੋਂ ਲਿਖੇ ਗਏ ਪੱਤਰ ’ਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਹੋਰ ਆਗੂਆਂ ਦੇ ਦਸਤਖ਼ਤ ਹਨ। -ਪੀਟੀਆਈ