ਜੈਪੁਰ, 19 ਅਗਸਤ
ਉਦੈਪੁਰ ’ਚ ਪਿਛਲੇ ਹਫ਼ਤੇ ਚਾਕੂ ਨਾਲ ਕੀਤੇ ਗਏ ਹਮਲੇ ’ਚ ਜ਼ਖ਼ਮੀ ਹੋਏ ਨਾਬਾਲਗ ਵਿਦਿਆਰਥੀ ਦੀ ਅੱਜ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਉਦੈਪੁਰ ਰੇਂਜ ਦੇ ਪੁਲੀਸ ਦੇ ਆਈਜੀ ਅਜੈਪਾਲ ਲਾਂਬਾ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ।
ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ, ‘ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।’ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਜ਼ਿਲ੍ਹਾ ਹਸਪਤਾਲ ਦੇ ਬਾਹਰ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕੀਤੀ ਗਈ ਹੈ।
ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚ ਵੀ ਵਾਧੂ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਦਿਆਰਥੀ ਦੀ ਮੌਤ ਤੋਂ ਕੁਝ ਸਮਾਂ ਪਹਿਲਾਂ ਉਸ ਦੀ ਭੈਣ ਨੇ ਅੱਜ ਰੱਖੜੀ ਮੌਕੇ ਹਸਪਤਾਲ ’ਚ ਉਸ ਦੇ ਰੱਖੜੀ ਬੰਨ੍ਹੀ ਸੀ। ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤੇ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅਗਲੇ ਹੁਕਮਾਂ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਥਿਤੀ ਨੂੰ ਦੇਖਦਿਆਂ ਸ਼ਹਿਰ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। -ਪੀਟੀਆਈ