* ਪੀਡੀਪੀ, ਕਾਂਗਰਸ ਸਮੇਤ ਹੋਰ ਪਾਰਟੀਆਂ ਵੱਲੋਂ ਮਤੇ ਦੀ ਹਮਾਇਤ
* ਮਹਿਬੂਬਾ ਨੇ ਮਤੇ ਨੂੰ ‘ਅੱਧੀ-ਅਧੂਰੀ’ ਕੋਸ਼ਿਸ਼ ਕਰਾਰ ਦਿੱਤਾ
ਸ੍ਰੀਨਗਰ, 6 ਨਵੰਬਰ
ਸੂਬੇ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਲਈ ਕੇਂਦਰ ਨੂੰ ਚੁਣੇ ਹੋਏ ਨੁਮਾਇੰਦਿਆਂ ਨਾਲ ਗੱਲਬਾਤ ਦੀ ਮੰਗ ਵਾਲਾ ਮਤਾ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪਾਸ ਕਰ ਦਿੱਤਾ, ਜਿਸ ਨੂੰ ਲੈ ਕੇ ਭਾਜਪਾ ਮੈਂਬਰਾਂ ਨੇ ਜ਼ੋਰਦਾਰ ਹੰਗਾਮਾ ਕੀਤਾ। ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਤੇ ਦੀਆਂ ਕਾਪੀਆਂ ਪਾੜ ਦਿੱਤੀਆਂ। ਮਤੇ ਖ਼ਿਲਾਫ਼ ਭਾਜਪਾ ਮੈਂਬਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤੇ ਜਾਣ ਅਤੇ ਕਾਰਵਾਈ ’ਚ ਵਾਰ ਵਾਰ ਅੜਿੱਕੇ ਡਾਹੁਣ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ ਦਿਨ ਭਰ ਲਈ ਉਠਾ ਦਿੱਤੀ।
ਮਤੇ ’ਚ ਵਿਸ਼ੇਸ਼ ਦਰਜੇ ਨੂੰ ‘ਇਕਪਾਸੜ ਢੰਗ ਨਾਲ ਹਟਾਏ’ ਜਾਣ ’ਤੇ ਵੀ ਚਿੰਤਾ ਜਤਾਈ ਗਈ ਹੈ। ਉਂਝ ਮਤਾ ਬਿਨਾਂ ਕਿਸੇ ਬਹਿਸ ਦੇ ਹੰਗਾਮੇ ਵਿਚਾਰ ਸਪੀਕਰ ਨੇ ਜ਼ੁਬਾਨੀ ਵੋਟਾਂ ਰਾਹੀਂ ਪਾਸ ਕਰ ਦਿੱਤਾ। ਮਤਾ ਪਾਸ ਹੋਣ ਮਗਰੋਂ ਹੁਕਮਰਾਨ ਨੈਸ਼ਨਲ ਕਾਨਫਰੰਸ ਨੇ ਕਿਹਾ ਕਿ ਪਾਰਟੀ ਨੇ ਚੋਣ ਮਨੋਰਥ ਪੱਤਰ ’ਚ ਲੋਕਾਂ ਨਾਲ ਕੀਤਾ ਇਕ ਵਾਅਦਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਵਿਧਾਨ ਸਭਾ ਨੇ ਆਪਣਾ ਕੰਮ ਕਰ ਦਿੱਤਾ ਹੈ। ਕਾਂਗਰਸ, ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ), ਪੀਪਲਜ਼ ਕਾਨਫਰੰਸ ਅਤੇ ਸੀਪੀਐੱਮ ਦੇ ਮੈਂਬਰਾਂ ਨੇ ਜ਼ੁਬਾਨੀ ਵੋਟਾਂ ਦੌਰਾਨ ਮਤੇ ਦੀ ਹਮਾਇਤ ਕੀਤੀ, ਜਿਥੇ ਕਈ ਸਿਆਸੀ ਦਲਾਂ ਨੇ ਇਸ ਕਦਮ ਦਾ ਸਵਾਗਤ ਕੀਤਾ ਹੈ, ਉਥੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਇਹ ਇਕ ‘ਅੱਧੀ-ਅਧੂਰੀ’ ਕੋਸ਼ਿਸ਼ ਸੀ ਅਤੇ ਮਤੇ ਨੂੰ ਬਿਹਤਰ ਤਰੀਕੇ ਨਾਲ ਲਿਖਿਆ ਜਾ ਸਕਦਾ ਸੀ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ 2019 ’ਚ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜੰਮੂ ਕਸ਼ਮੀਰ ਅਤੇ ਲੱਦਾਖ ’ਚ ਵੰਡ ਦਿੱਤਾ ਸੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਮਤਾ ਪੇਸ਼ ਕੀਤਾ ਜਿਸ ’ਚ ਕਿਹਾ ਗਿਆ ਕਿ ‘ਵਿਧਾਨ ਸਭਾ ਵਿਸ਼ੇਸ਼ ਦਰਜੇ ਅਤੇ ਸੰਵਿਧਾਨਕ ਗਾਰੰਟੀ ਦੀ ਅਹਿਮੀਅਤ ਦੀ ਪੁਸ਼ਟੀ ਕਰਦੀ ਹੈ ਜਿਸ ਨੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਪਛਾਣ, ਸੱਭਿਆਚਾਰ ਅਤੇ ਹੱਕਾਂ ਦੀ ਰੱਖਿਆ ਕੀਤੀ ਅਤੇ ਉਸ ਨੂੰ ਮਨਮਾਨੇ ਢੰਗ ਨਾਲ ਹਟਾਏ ਜਾਣ ’ਤੇ ਚਿੰਤਾ ਜ਼ਾਹਿਰ ਕਰਦੀ ਹੈ।’ ਮਤੇ ’ਚ ਕਿਹਾ ਗਿਆ ਕਿ ਵਿਧਾਨ ਸਭਾ ਇਸ ਗੱਲ ’ਤੇ ਜ਼ੋਰ ਦਿੰਦੀ ਹੈ ਕਿ ਬਹਾਲੀ ਦੀ ਕਿਸੇ ਵੀ ਪ੍ਰਕਿਰਿਆ ’ਚ ਕੌਮੀ ਏਕਤਾ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਜਾਇਜ਼ ਖਾਹਿਸ਼ਾਂ ਨੂੰ ਧਿਆਨ ’ਚ ਰੱਖਿਆ ਜਾਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਆਗੂ ਸੁਨੀਲ ਸ਼ਰਮਾ ਨੇ ਕਿਹਾ ਕਿ ਇਹ ਮਤਾ ਕੰਮਕਾਜ ਦੀ ਸੂਚੀ ’ਚ ਸ਼ਾਮਲ ਨਹੀਂ ਸੀ। -ਪੀਟੀਆਈ
ਭਾਜਪਾ ਨੇ ਜੰਮੂ ’ਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਪੁਤਲੇ ਫੂਕੇ
ਜੰਮੂ:
ਭਾਜਪਾ ਦੀ ਜੰਮੂ ਕਸ਼ਮੀਰ ਇਕਾਈ ਨੇ ਵਿਧਾਨ ਸਭਾ ’ਚ ਵਿਸ਼ੇਸ਼ ਦਰਜੇ ਦੀ ਬਹਾਲੀ ਬਾਰੇ ਮਤੇ ਦੇ ਵਿਰੋਧ ’ਚ ਇਥੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਪ੍ਰਧਾਨ ਸਤ ਪਾਲ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਸ਼ਹਿਰ ਦੇ ਬਾਹਰਵਾਰ ਤ੍ਰਿਕੁਟਾ ਨਗਰ ’ਚ ਪਾਰਟੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਦੇ ਪੁਤਲੇ ਫੂਕੇ। ਉਨ੍ਹਾਂ ਨੈਸ਼ਨਲ ਕਾਨਫਰੰਸ ਦੀ ਅਗਵਾਈ ਹੇਠਲੀ ਸਰਕਾਰ ਖ਼ਿਲਾਫ਼ ਨਾਅਰੇ ਵੀ ਲਗਾਏ। ਸ਼ਰਮਾ ਨੇ ਕਿਹਾ ਕਿ ਧਾਰਾ 370 ਇਤਿਹਾਸ ਬਣ ਗਈ ਹੈ ਅਤੇ ਨੈਸ਼ਨਲ ਕਾਨਫਰੰਸ ਨੇ ਮਤੇ ਰਾਹੀਂ ਇਸ ਨੂੰ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਚੌਧਰੀ ਨੂੰ ‘ਜੰਮੂ ਦਾ ਜੈਚੰਦ’ ਕਰਾਰ ਦਿੱਤਾ। -ਪੀਟੀਆਈ