ਐਸਏਐਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ):
ਇੱਥੋਂ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਪਿਛਲੇ ਦਿਨੀਂ ਸੀਆਈਐੱਸਐੱਫ਼ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੱਲੋਂ ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਥੱਪੜ ਮਾਰਨ ਦੇ ਮਾਮਲੇ ਦੀ ਮੁਹਾਲੀ ਪੁਲੀਸ ਨੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ’ਤੇ ਮੁਹਾਲੀ ਐੱਸਐੱਸਪੀ ਸੰਦੀਪ ਗਰਗ ਵੱਲੋਂ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਡੀਐਸਪੀ ਕੁਲਜਿੰਦਰ ਸਿੰਘ ਅਤੇ ਏਅਰਪੋਰਟ ਥਾਣੇ ਦੇ ਐਸਐਚਓ ਪੀਐਸ ਗਰੇਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਮਾਮਲਾ ਔਰਤਾਂ ਦੇ ਝਗੜੇ ਨਾਲ ਜੁੜਿਆ ਹੋਇਆ ਹੈ ਤੇ ਇਸ ਵਿੱਚ ਇੱਕ ਮਹਿਲਾ ਪੁਲੀਸ ਅਫ਼ਸਰ ਨੂੰ ਵੀ ਲਿਆ ਜਾਵੇਗਾ। ਸ੍ਰੀ ਅਟਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਹਾਲੀ ਕੌਮਾਂਤਰੀ ਏਅਰਪੋਰਟ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਘਟਨਾ ਸਮੇਂ ਮੌਕੇ ’ਤੇ ਮੌਜੂਦ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ। ਇਸ ਵਿੱਚ ਦੋਵਾਂ ਧਿਰਾਂ ਨੂੰ ਸੱਦ ਕੇ ਬਿਆਨ ਕਲਮਬੰਦ ਕੀਤੇ ਜਾਣਗੇ। ਇਸ ਮਾਮਲੇ ਸਬੰਧੀ ਫਿਲਹਾਲ ਸਮਾਂ ਸੀਮਾ ਨਿਰਧਾਰਿਤ ਨਹੀਂ ਕੀਤੀ ਗਈ ਕਿਉਂਕਿ ਇਸ ਵਿੱਚ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ। ਉਧਰ, ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਅਤੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਜਲਦੀ ਹੀ ਕਿਸਾਨ ਜਥੇਬੰਦੀਆਂ ਦਾ ਇੱਕ ਵਫ਼ਦ ਐੱਸਐੱਸਪੀ ਨੂੰ ਮਿਲ ਕੇ ਕਿਸਾਨਾਂ ਨੂੰ ਵੀ ਧਿਰ ਬਣਾਉਣ ਦੀ ਮੰਗ ਕਰੇਗਾ।