ਪ੍ਰਭੂ ਦਿਆਲ
ਸਿਰਸਾ, 12 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸਿਰਸਾ ਦੀ ਦਾਣਾ ਮੰਡੀ ’ਚ ਕਿਸਾਨ ਮਹਾਪੰਚਾਇਤ ਹੋਈ, ਜਿਸ ਵਿੱਚ ਵਰਦੇ ਮੀਂਹ ’ਚ ਹਜ਼ਾਰਾਂ ਕਿਸਾਨਾਂ ਨੇ ਸ਼ਿਰਕਤ ਕੀਤੀ। ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਨੇ ਕੇਂਦਰ ਤੇ ਹਰਿਆਣਾ ਦੀ ਭਾਜਪਾ-ਜਜਪਾ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਮਹਾਪੰਚਾਇਤ ’ਚ ਹਾਜ਼ਰ ਕਿਸਾਨਾਂ ਨੇ ਅਹਿਦ ਲਿਆ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਤੇ ਐੱਮਐੱਸਪੀ ਲਈ ਕਾਨੂੰਨ ਨਹੀਂ ਬਣ ਜਾਂਦਾ, ਉਦੋਂ ਤੱਕ ਇਹ ਅੰਦੋਲਨ ਨਾ ਸਿਰਫ ਜਾਰੀ ਰਹੇਗਾ ਬਲਕਿ ਇਸ ਨੂੰ ਹੋਰ ਜ਼ਿਆਦਾ ਤਿੱਖਾ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਆਗਾਮੀ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਕਿਸਾਨਾਂ ਦੇ ਨਾਲ ਨਾਲ ਵਪਾਰੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ਨੇ ਇਕੱਜੁਟਤਾ ਦਾ ਪ੍ਰਗਟਾਵਾ ਕੀਤਾ। ਮਹਾ ਪੰਚਾਇਤ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ ਤੇ ਰਾਜਸਥਾਨ ਦੇ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਮਹਾ ਪੰਚਾਇਤ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਤੋਂ ਇਲਾਵਾ ਡਾ. ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਅਤੁਲ ਕੁਮਾਰ ਅੰਜਾਨ, ਸਵਰਨ ਸਿੰਘ ਵਿਰਕ ਸਮੇਤ ਕਈ ਨੇਤਾਵਾਂ ਨੇ ਸੰਬੋਧਨ ਕੀਤਾ। ਇਸ ਦੌਰਾਨ ਰੁਪਿੰਦਰ ਹਾਂਡਾ ਸਮੇਤ ਕਈ ਗਾਇਕਾਂ ਨੇ ਆਪਣੇ ਗੀਤਾਂ ਰਾਹੀਂ ਕਿਸਾਨਾਂ ਨੂੰ ਅੰਦੋਲਨ ਦੇ ਲਈ ਉਤਸ਼ਾਹਿਤ ਕੀਤਾ।