ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਪਰੈਲ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਅਤੇ ਹਰਿਆਣੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਪਰੀਮ ਕੋਰਟ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਵੱਲੋਂ ਦਿੱਤੀ ਗਈ ਜ਼ਮਾਨਤ ਰੱਦ ਕਰਕੇ ਜੇਲ੍ਹ ਭੇਜਿਆ ਜਾਵੇ। ਆਗੂਆਂ ਨੇ ਕੇਸ ਦੇ ਚਸ਼ਮਦੀਦ ਗਵਾਹ ਹਰਦੀਪ ਸਿੰਘ ’ਤੇ ਕਥਿਤ ਭਾਜਪਾ ਆਗੂਆਂ ਦੀ ਸ਼ਹਿ ਉੱਤੇ ਹੋਏ ਜਾਨਲੇਵਾ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਯੂਪੀ ਦੀ ਯੋਗੀ ਸਰਕਾਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਨਾਲ ਹੀ ਚਿਤਾਵਨੀ ਦਿੰਦਿਆਂ ਆਖਿਆ ਕਿ ਗਵਾਹਾਂ ’ਤੇ ਹਮਲਿਆਂ ਨੂੰ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਬਹਿਰੂ, ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਨਾਮ ਸਿੰਘ ਝੱਬਰ, ਫੁਰਮਾਨ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ, ਸੁਖਦੇਵ ਸਿੰਘ ਵਿਰਕ, ਤੇਜਵੀਰ ਸਿੰਘ, ਜਸਵੀਰ ਸਿੰਘ ਭਾਟੀ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਜੰਗਵੀਰ ਸਿੰਘ ਚੌਹਾਨ, ਲਖਵਿੰਦਰ ਸਿੰਘ, ਕਮਲਜੀਤ ਸਿੰਘ ਲਾਂਡਰਾਂ, ਵੀਰਪਾਲ ਸਿੰਘ ਢਿੱਲੋਂ ਅਤੇ ਆਤਮਾ ਰਾਮ ਨੇ ਲਖੀਮਪੁਰ ਖੀਰੀ ਘਟਨਾ ਸਬੰਧੀ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਕਤਲ ਦੀ ਧਾਰਾ ਰੱਦ ਕਰਨ ਦੀ ਮੰਗ ਕੀਤੀ ਹੈ।
ਆਗੂਆਂ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ 18 ਅਪਰੈਲ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ।