ਲਖੀਮਪੁਰ ਖੀਰੀ, 12 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਕ੍ਰਾਈਮ ਬ੍ਰਾਂਚ ਦੇ ਦਫਤਰ ਲਿਜਾਇਆ ਗਿਆ, ਜਿਥੇ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨਾਲ ਪੁੱਛ ਪੜਤਾਲ ਕਰ ਰਹੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਤੋਂ ਇਜਾਜ਼ਤ ਮਿਲਣ ਬਾਅਦ ਆਸ਼ੀਸ਼ ਮਿਸ਼ਰਾ ਨੂੰ ਪੁਲੀਸ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਪੁਲੀਸ ਨੇ ਲਖੀਮਪੁਰ ਖੀਰੀ ਹਿੰਸਾ ਸਬੰਧੀ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਸੀਨੀਅਰ ਇਸਤਗਾਸਾ ਅਧਿਕਾਰੀ ਐੱਸਪੀ ਯਾਦਵ ਨੇ ਕਿਹਾ ਕਿ ਉਨ੍ਹਾਂ ਨੇ ਸ਼ੇਖਰ ਭਾਰਤੀ ਦੀ 14 ਦਿਨਾਂ ਦੀ ਪੁਲੀਸ ਹਿਰਾਸਤ ਮੰਗੀ ਹੈ ਅਤੇ ਇਸ ਸਬੰਧ ਵਿੱਚ ਸੁਣਵਾਈ ਬੁੱਧਵਾਰ ਨੂੰ ਹੋਵੇਗੀ।