ਸਰਬਜੀਤ ਸਿੰਘ ਭੰਗੂ
ਪਟਿਆਲਾ, 22 ਫਰਵਰੀ
ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਰਾਜਿੰਦਰਾ ਹਸਪਤਾਲ ਵਿਖੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦੀ ਬਾਰੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਰਬ ਪਾਰਟੀ ਮੀਟਿੰਗ ਸੱਦਣ ਤੇ ਸ਼ਹੀਦ ਕਿਸਾਨ ਸ਼ੁਭਕਰਨ ਸਮੇਤ ਹੋਰ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਵੀ ਪੰਜਾਬ ਤੋਂ ਮੁਆਵਜ਼ੇ ਦੀ ਮੰਗ ਕੀਤੀ। ਸ਼ੰਭੂ ਤੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਸਮੇਤ ਪੰਜਾਬ ਦੇ ਇਲਾਕੇ ’ਚ ਆ ਕੇ ਟਰੈਕਟਰਾਂ ਅਤੇ ਹੋਰ ਮਸ਼ੀਨਰੀ ਤੇ ਸਾਜ਼ੋ ਸਾਮਾਨ ਦੀ ਕੀਤੀ ਗਈ ਭੰਨ ਤੋੜ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਚੰਦੂਮਾਜਰਾ ਨੇ ਮੰਗ ਕੀਤੀ ਕਿ ਜੇ ਮੁੱਖ ਮੰਤਰੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ ਤਾਂ ਇਸ ਸਬੰਧੀ ਉਹ ਫੌਰੀ ਤੌਰ ’ਤੇ ਕਾਰਵਾਈ ਯਕੀਨੀ ਬਣਾਉਣ।
ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀ ਮੰਗ ਕੀਤੀ ਕਿ ਸਾਰੀਆਂ 23 ਫਸਲਾਂ ’ਤੇ ਐੱਮਐੱਸਪੀ ਦੇਣ ਸਮੇਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਘਨੌਰ ਦੇ ਹਲਕਾ ਇੰਚਾਰਜ ਭੁਪਿੰਦਰ ਸ਼ੇਖੂਪੁਰ,ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਲਾਛੜੂ, ਸਿਆਸੀ ਸਲਾਹਕਾਰ ਜਗਜੀਤ ਕੋਹਲੀ, ਕੈਪਟਨ ਖੁਸ਼ਵੰਤ ਸਿੰਘ, ਸੁਖਵੀਰ ਅਬਲੋਵਾਲ, ਜੰਗ ਸਿੰਘ ਰੁੜਕਾ, ਜਸਵਿੰਦਰਪਾਲ ਚੱਢਾ, ਪਲਵਿੰਦਰ ਰਿੰਕੂ, ਅਤੇ ਵਰਿੰਦਰ ਡਕਾਲਾ ਮੌਜੂਦ ਸਨ।