ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸ਼ਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਉਸ ਦੀ ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਅਤੇ ਪਰਿਵਾਰ ਸਿਰ ਚੜ੍ਹਆ 15 ਲੱਖ ਰੁਪਏ ਦਾ ਸਰਕਾਰੀ ਤੇ ਗੈਰ ਸਰਕਾਰੀ ਸਾਰਾ ਕਰਜ਼ਾ ਮੁਆਫ ਕਰਨ ਦੀ ਮੰਗ ਵੀ ਪ੍ਰਵਾਨ ਕੀਤੀ ਹੈ। ਇਸੇ ਦੌਰਾਨ ਡਾਕਟਰ ਦਰਸ਼ਨ ਪਾਲ ਨੇ ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ। ਹੁਣ ਸ਼ੁਭਕਰਨ ਦੀ ਦੇਹ ਦਾ ਪੋਸਟਮਾਰਟਮ ਯਕੀਨੀ ਹੋ ਗਿਆ ਹੈ। ਅੱਜ ਪੰਜ ਡਾਕਟਰਾਂ ਦੇ ਬੋਰਡ ਵੱਲੋਂ ਸ਼ੁਭਕਰਨ ਦੀ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਈ ਦੇਹ ਦਾ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਮਗਰੋਂ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਉਸ ਦੇ ਜੱਦੀ ਪਿੰਡ ਵਿੱਚ ਸਸਕਾਰ ਕੀਤਾ ਜਾਵੇਗਾ।