ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਦੀ ਇਕ ਕਮੇਟੀ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ’ਤੇ ਤਨਜ਼ ਕੱਸਦਿਆਂ ਇਸ ਨੂੰ ਇਕ ਹੋਰ ਨਾਟਕ ਤੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸਾਢੇ 4 ਸਾਲਾਂ ਵਿੱਚ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਕੋਈ ਸਾਰ ਨਹੀਂ ਲਈ, ਪਰ ਹੁਣ ਸਾਬਕਾ ਵਿਧਾਇਕ ਲਾਲ ਸਿੰਘ ਦੀ ਅਗਵਾਈ ਹੇਠ ਕਮੇਟੀ ਬਣਾ ਕੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਡਰਾਮਾ ਕੀਤਾ ਜਾ ਰਿਹਾ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਅੱਜ ਸੜਕਾਂ ’ਤੇ ਬੈਠਣ ਲਈ ਮਜਬੂਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਸਰਕਾਰੀ ਬੱਸਾਂ ਤੇ ਹੋਰ ਵੱਖ ਵੱਖ ਥਾਵਾਂ ’ਤੇ ਇਸ਼ਤਿਹਾਰ ਲਗਵਾ ਕੇ ਪੰਜਾਬ ਦਾ ਵਿਕਾਸ ਕਰਨ ਦੇ ਦਮਗਜ਼ੇ ਮਾਰ ਰਹੇ ਹਨ। ‘ਆਪ’ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਲ ਸਿੰਘ ਦੀ ਅਗਵਾਈ ਵਿੱਚ ਚਾਰ ਮੈਂਬਰੀ ਕਮੇਟੀ ਬਣਾ ਕੇ ਲੋਕਾਂ ਦੇ ਦੁੱਖ-ਦਰਦ ਸੁਣਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ’ਤੇ ਬੈਠਣ ਦਾ ਐਲਾਨ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੀ ਅਜਿਹਾ ਕਰਨ ਦਾ ਯਤਨ ਕੀਤਾ ਸੀ, ਜੋ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਸੱਤਾਧਾਰੀ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਜੇ ਲੋਕਾਂ ਵਿੱਚ ਜਾਣ ਤਾਂ ਪਤਾ ਲੱਗ ਜਾਵੇਗਾ ਕਿ ਸਾਢੇ ਚਾਰ ਸਾਲਾਂ ਵਿੱਚ ਕਿੰਨੇ ਕੁ ਵਾਅਦੇ ਪੂਰੇ ਹੋਏ ਹਨ।