ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਕਤੂਬਰ
ਪ੍ਰਮੁੱਖ ਅਧਿਆਪਕ ਜਥੇਬੰਦੀਆਂ ਨੇ ਚੋਣ ਡਿਊਟੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਦੇ ਫੈਸਲੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਹਰਜਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਪਿਛਲੇ ਸਮੇਂ ਵਿੱਚ ਚੋਣਾਂ ਦੌਰਾਨ ਕਥਿਤ ਤੌਰ ’ਤੇ ਮਿਆਰੀ ਸੁਰੱਖਿਆ ਪ੍ਰਬੰਧਾਂ ਦੀ ਘਾਟ ਦੇ ਮੱਦੇਨਜ਼ਰ ਕਈ ਥਾਈਂ ਅਣ ਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਕਾਰਨ ਇਹ ਚੋਣ ਡਿਊਟੀ ਉਥੇ ਤਾਇਨਾਤ ਮੁਲਾਜ਼ਮਾਂ ਲਈ ਜਾਨ ਜੋਖ਼ਮ ਵਿੱਚ ਪਾਉਣ ਵਾਲੀ ਸਾਬਤ ਹੋਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਰੁਪਿੰਦਰ ਪਾਲ ਸਿੰਘ ਗਿੱਲ, ਪਰਮਿੰਦਰ ਸਿੰਘ ਮਲੌਦ, ਜਸਵਿੰਦਰ ਸਿੰਘ ਐਤੀਆਣਾ, ਅਰਮਿੰਦਰ ਸਿੰਘ, ਹਰਜੀਤ ਸਿੰਘ ਸੁਧਾਰ, ਜਗਜੀਤ ਸਿੰਘ ਮਾਨ, ਹਰਵਿੰਦਰ ਸਿੰਘ ਬਿਲਗਾ, ਧਰਮਜੀਤ ਸਿੰਘ ਢਿਲੋ, ਕੁਲਜਿੰਦਰ ਸਿੰਘ ਬੱਦੋਵਾਲ ਤੇ ਸਤਵੀਰ ਸਿੰਘ ਰੌਣੀ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਤੋਂ ਹਰੇਕ ਵੋਟਿੰਗ ਕੇਂਦਰ ’ਤੇ ਢੁੱਕਵੀਂ ਗਿਣਤੀ ਵਿੱਚ ਸੁਰੱਖਿਆ ਕਰਮੀ ਲਗਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਡਿਊਟੀ ਮੁਲਾਜ਼ਮਾਂ ਦੀ ਸੁਰੱਖਿਆ ਦੇ ਨਾਲ ਨਾਲ ਨਿਰਪੱਖ ਚੋਣ ਵੀ ਯਕੀਨੀ ਹੋ ਸਕੇ। ਇਸੇ ਤਰ੍ਹਾਂ ਗਿਣਤੀ ਦਾ ਕੰਮ ਵੋਟਿੰਗ ਸਟਾਫ਼ ਤੋਂ ਵੱਖਰੇ ਗਿਣਤੀ ਸਟਾਫ਼ ਲਗਾ ਕੇ ਵੱਖਰੇ ਕੇਂਦਰੀਕ੍ਰਿਤ ਕੇਂਦਰ ਸਥਾਪਤ ਕਰਕੇ ਵਧੇਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਦੀ ਮੰਗ ਕੀਤੀ ਗਈ। ਮੁਲਾਜ਼ਮਾਂ ਦੇ ਸਬੰਧਤ ਬਲਾਕ ਤੋਂ ਬਾਹਰ ਲੱਗੀਆਂ ਚੋਣ ਡਿਊਟੀਆਂ ਕੱਟਣ, ਵਿਧਵਾ/ਤਲਾਕਸ਼ੁਦਾ /ਛੋਟੇ ਬੱਚਿਆਂ ਦੀਆਂ ਮਾਵਾਂ/ਗਰਭਵਤੀ ਮਹਿਲਾਵਾਂ, ਕਰੋਨੀਕਲ ਬਿਮਾਰੀਆਂ ਤੋਂ ਪੀੜਤਾਂ ਅਤੇ ਸੇਵਾ ਮੁਕਤੀ ਦੇ ਅਖਰੀਲੇ ਛੇ ਮਹੀਨੇ ਦੇ ਸਮੇਂ ਵਿੱਚਲੇ ਮੁਲਾਜ਼ਮਾਂ ਤੇ ਦਿਵਿਆਂਗਾਂ ਦੀਆਂ ਡਿਊਟੀਆਂ ਕੱਟਣ ਲਈ ਸਪੱਸ਼ਟ ਨੀਤੀ ਅਪਣਾਉਣ ਅਤੇ ਇਸ ਕੰਮ ਲਈ ਜ਼ਿਲ੍ਹਾ/ਤਹਿਸੀਲ ਪੱਧਰ ’ਤੇ ਲੋੜੀਂਦਾ ਬੋਰਡ ਸਥਾਪਤ ਕਰਕੇ ਇਤਰਾਜ਼ ਮੰਗੇ ਜਾਣ।