ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 1 ਅਕਤੂਬਰ
ਪ੍ਰਸ਼ਾਸਨ ਵੱਲੋਂ ਪਰਾਲੀ ਦੇ ਪ੍ਰਬੰਧਨ ਦੇ ਸਬੰਧ ਵਿੱਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਆਮ ਕਿਸਾਨਾਂ ਤੋਂ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਧਾਰਾ 144 ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਲਗਾਈ ਹੈ, ਜਦੋਂਕਿ ਕੁੱਝ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਕੁੱਝ ਅਜਿਹੀਆਂ ਜਥੇਬੰਦੀਆਂ ਵੀ ਹਨ, ਜੋ ਖੁਦ ਪ੍ਰਸ਼ਾਸਨ ਦਾ ਸੁਨੇਹਾ ਕਿਸਾਨਾਂ ਤੱਕ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਉਧਰ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਬਲਦੇਵ ਸਿੰਘ ਲਤਾਲਾ ਅਤੇ ਬਲਾਕ ਪ੍ਰਧਾਨ ਜੁਗਰਾਜ ਸਿੰਘ ਮਹੇਰਨਾ ਦੀ ਅਗਵਾਈ ਵਿੱਚ ਸਭਾ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਹੀ ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸ਼ੁਰੂ ਕੀਤਾ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨ ਬਦਲਵੇਂ ਪ੍ਰਬੰਧ ਕਰਨ ਦੀ ਤਿਆਰੀ ਕਰ ਰਹੇ ਹਨ।