ਡੀਪੀਐੱਸ ਬੱਤਰਾ
ਸਮਰਾਲਾ, 14 ਜੁਲਾਈ
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਨੂੰ ਵੀ ਦੂਰ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਰਾਜ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੰਤਰੀ ਚੇਤਨ ਸਿੰਘ ਜੌੜਾਮਾਜਰੇ ਨੇ ਸਿਵਲ ਹਸਪਤਾਲ ਸਮਰਾਲਾ ਦਾ ਦੌਰਾ ਕਰਨ ਉਪਰੰਤ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਤੇ ਹੋਰਨਾਂ ਸਮੱਸਿਆਵਾਂ ਲਈ ਉਨ੍ਹਾਂ ਦੀ ਸਮੂਹ ਸਿਵਲ ਸਰਜਨਾਂ ਨਾਲ ਹੋਈ ਮੀਟਿੰਗ ਵਿੱਚ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਲੋੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਦੌਰਿਆਂ ਦੌਰਾਨ ਉਹ ਮਰੀਜ਼ਾਂ ਨਾਲ ਵੀ ਰਾਬਤਾ ਕਰ ਰਹੇ ਹਨ ਤਾਂ ਜੋ ਲੋੜੀਂਦੇ ਸੁਧਾਰਾਂ ਨੂੰ ਸੁਚੱਜੇ ਢੰਗ ਨਾਲ ਅਮਲੀਜਾਮਾ ਪਹਿਨਾਇਆ ਜਾ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਹੋਰ ਕੈਂਸਰ ਹਸਪਤਾਲ ਬਣਾਉਣ ਅਤੇ ਡਾਇਲੇਸਿਸ ਯੂਨਿਟ ਸਥਾਪਿਤ ਕਰਨ ਦੀ ਬੇਹੱਦ ਲੋੜ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਪੇਂਡੂ ਵਿਕਾਸ ਵਿਭਾਗ ਵਲੋਂ ਸਿਹਤ ਵਿਭਾਗ ਨੂੰ ਸਪੁਰਦ ਕੀਤੀਆਂ 500 ਦੇ ਕਰੀਬ ਡਿਸਪੈਂਸਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਥੋੜ੍ਹਾਂ ਸਮਾਂ ਹੋਰ ਇਨ੍ਹਾਂ ਡਿਸਪੈਂਸਰੀਆਂ ਦਾ ਹਰ ਪਖੋਂ ਮੁਹਾਂਦਰਾ ਵਧੀਆ ਬਣਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ, ਐੱਮਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੀਲਮਾ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਰਣਜੀਤ ਸਿੰਘ ਵੀ ਹਾਜ਼ਰ ਸਨ।