ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਨਵੰਬਰ
ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਅੱਜ ਇਥੇ ਭਾਜਪਾ ਦਫ਼ਤਰ ਦੁੱਗਰੀ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਲੋਕਪਾਲ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਢਾਈ ਸਾਲ ਬੀਤਣ ਦੇ ਬਾਵਜੂਦ ਇਸ ਸਬੰਧੀ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਕਰਵਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਕਿਉਂਕਿ ‘ਆਪ’ ਨੂੰ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ। ਸ੍ਰੀ ਧੀਮਾਨ ਨੇ ਕਿਹਾ ਕਿ ਨਿਗਮ ਚੋਣਾਂ ਨਾ ਹੋਣ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਰੁੱਕ ਗਏ ਹਨ ਤੇ ਸ਼ਹਿਰ ਵਾਸੀ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੁਰਾਣੀ ਵਾਰਡਬੰਦੀ ਅਧੀਨ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਪਰ ਹਾਲੇ ਵੀ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ ਤੇ ਪੰਜਾਬ ਸਰਕਾਰ ਹੁਣ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ।