ਗਗਨਦੀਪ ਅਰੋੜਾ
ਲੁਧਿਆਣਾ, 2 ਮਈ
ਸਮਾਰਟ ਸਿਟੀ ਲੁਧਿਆਣਾ ਦੇ ਪ੍ਰਾਜੈਕਟਾਂ ਦੇ ਰਿਵਿਊ ਕਰਨ ਲਈ ਬੁਲਾਈ ਗਈ ਮੀਟਿੰਗ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਨੇ ਮੀਟਿੰਗ ਕਰਨ ਲਈ ਆਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਸਾਹਮਣੇ ਕਈ ਪ੍ਰਾਜੈਕਟਾਂ ’ਤੇ ਸਵਾਲ ਚੁੱਕੇ। ਬਿੱਟੂ ਅੱਜ ਸਥਾਨਕ ਦਫਤਰ ਨਗਰ ਨਿਗਮ, ਜ਼ੋਨ ਡੀ, ਸਰਾਭਾ ਨਗਰ ਵਿੱਚ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰਾਜੈਕਟ ਤਹਿਤ ਵਿਕਾਸ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰਾਜੈਕਟ ਅਧੀਨ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਬਿੱਟੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਘੁਮਾਰ ਮੰਡੀ ਰੋਡ ਦਾ ਸੁੰਦਰੀਕਰਨ, ਸੇਫ ਸਿਟੀ ਅਧੀਨ ਵੱਖ-ਵੱਖ ਥਾਵਾਂ ਤੇ ਅਤੇ ਵਧੇਰੀ ਮਾਤਰਾ ਵਿੱਚ ਕੈਮਰੇ ਲਗਾਏ ਜਾਣ ਅਤੇ ਵੱਖ-ਵੱਖ ਖੇਡ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਕੂੜੇ ਕਰਕਟ ਦੇ ਕੰਪੈਕਟਰ ਲਗਾਉਣ ਤੋਂ ਇਲਾਵਾ ਹੋਰ ਪ੍ਰਾਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ।
ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਾਂਗਰਸ ਸਰਕਾਰ ਸਮੇਂ ਸ਼ੁਰੂ ਕੀਤੇ ਸਮਾਰਟ ਸਿਟੀ ਪ੍ਰਾਜੈਕਟਾਂ ’ਤੇ ਸਵਾਲ ਖੜ੍ਹੇ ਕੀਤੇ, ਉਨ੍ਹਾਂ ਕਿਹਾ ਕਿ 650 ਕਰੋੜ ਰੁਪਏ ਦਾ ਜੋ ਬੁੱਢਾ ਨਾਲਾ ਸਾਫ਼ ਕਰਨ ਲਈ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਸ ’ਤੇ ਚਰਚਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਲਹਾਰ ਰੋਡ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਰੋਡ ਤਹਿਤ ਇਸ ਰੋਡ ਨੂੰ ਹੋਰ ਚੌੜਾ ਕੀਤਾ ਜਾਵੇ ਅਤੇ ਰੋਡ ਨੂੰ ਦੋਵਾਂ ਸਾਈਡਾਂ ਤੋਂ ਹੋਰ ਖੋਲ੍ਹਿਆ ਜਾਵੇ ਤਾਂ ਜੋ ਉਥੇ ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ ਅਤੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਿਹੜੇ ਵੀ ਲੁਧਿਆਣਾ ਸਮਾਰਟ ਸਿਟੀ ਤਹਿਤ ਸਮਾਰਟ ਸਕੂਲ ਬਣਾਏ ਹਨ ਉਨ੍ਹਾਂ ਦੀ ਲਿਸਟ ਅਤੇ ਉਸ ’ਤੇ ਕਿੰਨਾ ਖਰਚ ਕੀਤਾ ਗਿਆ ਡਿਟੇਲ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਬੁੱਢੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਠੋਸ ਪ੍ਰਬੰਧ ਕੀਤੇ ਜਾਣ ਤਾਂ ਜੋ ਪਾਣੀ ਦਾ ਵਹਾਅ ਠੀਕ ਹੋਵੇ ਅਤੇ ਬੁੱਢੇ ਨਾਲੇ ਦੇ ਅੰਦਰ ਜਮ੍ਹਾਂ ਹੋਈ ਗੰਦਗੀ ਦੀ ਸਫਾਈ ਕਰਵਾਈ ਜਾਵੇ ਅਤੇ ਬੁੱਢੇ ਨਾਲੇ ਦੇ ਨਾਲ-ਨਾਲ ਸਫਾਈ ਅਤੇ ਬੂਟੇ ਲਗਾਏ ਜਾਣ। ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ ਅਤੇ ਕਿਹਾ ਕਿ ਹਲਕਾ ਆਤਮ ਨਗਰ ਸਮੱਸਿਆਵਾਂ ਨਾਲ ਘਿਰਿਆ ਹੋਇਆ ਹਲਕਾ ਹੈ ਜਿੱਥੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਥਾਈਂ-ਥਾਈਂ ਲੱਗੇ ਕੂੜੇ ਦੇ ਅੰਬਾਰ ਸਾਫ ਹਵਾ ਨੂੰ ਦੂਸ਼ਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰਾਜੈਕਟ ਤਹਿਤ ਪਹਿਲਾਂ ਕੂੜੇ ਦੇ ਕੰਪੈਕਟਰ ਲਗਾਉਣ ਅਤੇ ਲੋਕਾਂ ਨੂੰ ਸਾਫ-ਸੁਥਰੀ ਹਵਾ ਦੇਣ ਅਤੇ ਸੜਕਾਂ ਦੀ ਮੁਰੰਮਤ ’ਤੇ ਟ੍ਰੈਫਿਕ ਨੂੰ ਸੁਧਾਰਨ ’ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਤੇ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।
ਬਿੱਟੂ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਨਿੱਜੀ ਤੌਰ ’ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ’ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਕਿਹਾ ਜੇ ਇਸ ਪ੍ਰਾਜੈਕਟ ਨੂੰ ਲੈ ਕੇ ਕਿਸੇ ਵੀ ਅਧਿਕਾਰੀ ਵੱਲੋਂ ਅਣਗਹਿਲੀ ਜਾਂ ਖਾਮੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਸਾਰੇ ਪ੍ਰੋਜੈਕਟ ਪਹਿਲ ਦੇ ਆਧਾਰ ’ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।