ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਜੁਲਾਈ
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਅੱਜ ਸਾਂਝੇ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਲਈ ‘ਹੈਲਦੀ ਕੈਂਪਸ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਕਾਲਜਾਂ ਵਿੱਚ ਜਾਣ ਵਾਲੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੈਲਦੀ ਕੈਂਪਸ ਦੀ ਪਹਿਲਕਦਮੀ ਤਹਿਤ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਇੱਕ ਜ਼ਿਲ੍ਹਾ ਪੱਧਰੀ ਸਾਂਝਾ ਪਲੇਟਫਾਰਮ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਕਾਲਜ਼ਾਂ ਵਿੱਚ ਨਸ਼ਾ ਵਿਰੋਧੀ ਮਾਹਿਰ ਬੁਲਾਰਿਆਂ ਨੂੰ ਨਿਯਮਤ ਤੌਰ ’ਤੇ ਬੁਲਾਉਣ। ਸਮੂਹ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਜ਼ਿਲ੍ਹਾ ਪੱਧਰੀ ਵਟਸਐਪ ਗਰੁੱਪ ਵੀ ਬਣਾਇਆ ਜਾਵੇਗਾ।
ਇਸ ਮੌਕੇ ਏਡੀਸੀ ਖੰਨਾ ਅਮਰਜੀਤ ਬੈਂਸ, ਏਡੀਸੀਪੀ ਪ੍ਰਗਿਆ ਜੈਨ ਸਣੇ ਕਾਲਜਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।