ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਫਰਵਰੀ
ਪਤਨੀ ਦਾ ਇਲਾਜ ਕਰਵਾਉਣ ਲਈ ਪੱਛਮੀ ਅਫਰੀਕਾ ਤੋਂ ਭਾਰਤ ਆਏ ਅਫਰੀਕੀ ਨਾਗਰਿਕ ਫਰੈਂਕ ਚੁਬੈਜੀ ਨੂੰ ਐਸਟੀਐੱਫ਼ ਦੀ ਟੀਮ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਡਾਬਾ ਲੋਹਾਰਾ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਅਤੇ ਉਸ ਦੇ ਕਬਜ਼ੇ ਵਿੱਚੋਂ 260 ਗ੍ਰਾਮ ਆਈਸ ਨਸ਼ਾ ਬਰਾਮਦ ਕੀਤਾ ਹੈ। ਐੱਸਟੀਐੱਫ ਟੀਮ ਵੱਲੋਂ ਫਰੈਂਕ ਚੁਬੈਜੀ ਖ਼ਿਲਾਫ਼ ਮੁਹਾਲੀ ਦੇ ਐੱਸਟੀਐੱਫ ਥਾਣੇ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛ-ਪੜਤਾਲਕਰਨ ਵਿੱਚ ਲੱਗੀ ਹੋਈ ਹੈ।
ਐੱਸਟੀਐੱਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵਿਦੇਸ਼ੀ ਨਾਗਰਿਕ ਹੈ ਅਤੇ ਐੱਮਬੀਡੀ ਮਾਲ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਇਸ ਸਮੇਂ ਵੀ ਉਹ ਡਾਬਾ ਲੋਹਾਰਾ ਇਲਾਕੇ ਵਿੱਚ ਆਈਸ ਦੀ ਸਪਲਾਈ ਕਰਨ ਜਾ ਰਿਹਾ ਹੈ। ਪੁਲੀਸ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਪੁੱਛ-ਪੜਤਾਲ ’ਚ ਸਾਹਮਣੇ ਆਇਆ ਕਿ ਫਰੈਂਕ ਚੁਬੈਜੀ ਆਪਣੀ ਪਤਨੀ ਦਾ ਇਲਾਜ ਕਰਵਾਉਣ ਲਈ ਅਫਰੀਕਾ ਤੋਂ ਭਾਰਤ ਆਇਆ ਸੀ। ਭਾਰਤ ਆਉਣ ਤੋਂ ਬਾਅਦ ਉਸ ਕੋਲ ਪੈਸੇ ਖਤਮ ਹੋ ਗਏ ਤਾਂ ਉਸ ਨੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਉਹ ਹੈਰੋਇਨ ਦਾ ਸੇਵਨ ਵੀ ਕਰਦਾ ਹੈ ਅਤੇ ਨਸ਼ਿਆਂ ਦੀ ਤਸਕਰੀ ਵੀ ਕਰਦਾ ਹੈ। ਇਸ ਤੋਂ ਪਹਿਲਾਂ ਵੀ ਉਸ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋ ਕੇਸ ਦਰਜ ਹਨ। ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਉਹ ਮੁੜ ਪੇਸ਼ ਨਹੀਂ ਹੋਇਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ। ਉਹ ਪਿਛਲੇ ਤਿੰਨ-ਚਾਰ ਸਾਲਾਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਉਹ ਦਿੱਲੀ ਵਿੱਚ ਆਪਣੇ ਨਾਈਜੀਰੀਅਨ ਸਾਥੀਆਂ ਤੋਂ ਹੈਰੋਇਨ ਅਤੇ ਆਈਸ ਦੀ ਸਪਲਾਈ ਕਰਦਾ ਸੀ। ਪੁਲੀਸ ਅਨੁਸਾਰ ਉਹ ਨਸ਼ੇ ਦੇ ਪੈਸੇ ਨਾਲ ਆਪਣੀ ਪਤਨੀ ਦਾ ਇਲਾਜ ਕਰਵਾ ਰਿਹਾ ਸੀ। ਪੁਲੀਸ ਮੁਲਜ਼ਮ ਤੋਂ ਪੁੱਛ-ਪੜਤਾਲ ਕਰ ਕੇ ਉਸ ਦੇ ਸਾਥੀਆਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।