ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਜੂਨ
ਭਾਜਪਾ ਦੇ ਨਾਲ ਆਪਣਾ ਗੱਠਜੋੜ ਤੋੜਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਵਿਧਾਨਸਭਾ ਚੋਣਾਂ 2022 ਦੇ ਲਈ ਕੀਤੇ ਗਏ ਸਿਆਸੀ ਗੱਠਜੋੜ ਦੇ ਐਲਾਨ ਤੋਂ ਬਾਅਦ ਲੁਧਿਆਣਾ ਵਿੱਚ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿੱਚ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਭੀਮ ਰਾਓ ਅੰਬੇਡਕਰ ਦੀ ਮੂਰਤੀ ਅੱਗੇ ਮੱਥਾ ਟੇਕਿਆ ਤੇ ਢੋਲ ਵਜਾਂ ਕੇ ਖੁਸ਼ੀ ਜ਼ਾਹਿਰ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੁਧਿਆਣਾ ਉਤਰੀ ਤੇ ਪਾਇਲ ਹਲਕਿਆਂ ਦੀਆਂ ਵਿਧਾਨ ਸਭਾ ਸੀਟਾਂ ਇਸ ਵਾਰ ਬਸਪਾ ਨੂੰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਗੱਠਜੋੜ ਬਣੇਗਾ।