ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਗਸਤ
ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਤਿੰਨ ਦਿਨਾਂ ਹੜਤਾਲ ਕਰ ਕੇ ਬੱਸ ਚੱਕਾ ਜਾਮ ਕਰਨ ਦਾ ਕੀਤਾ ਫ਼ੈਸਲਾ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ। ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਹੈ ਕਿ ਜਥੇਬੰਦੀ ਨੇ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ ਇਸ ਬਾਰੇ ਫ਼ੈਸਲਾ ਕਰਦਿਆਂ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਤਿੰਨ ਦਿਨਾਂ ਹੜਤਾਲ ਦਾ ਐਲਾਨ ਕੀਤਾ ਕਰਦਿਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਣ ਦਾ ਭਰੋਸੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਟਰੈਕਟ ਵਰਕਰ ਯੂਨੀਅਨ ਕੰਟਰੈਕਟ ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਭਲ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਮੁੱਖ ਮੰਤਰੀ ਨਾਲ 18 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪੰਜਾਬ ਰੋਡਵੇਜ਼ ਦੇ ਅਧੀਨ ਪੀਆਰਟੀਸੀ ਅਤੇ ਪਨਬੱਸ ਵਿੱਚ ਪੱਕੀ ਭਰਤੀ ਦੀ ਥਾਂ 7500 ਦੇ ਕਰੀਬ ਕੰਟਰੈਕਟ ਆਧਾਰਤ ਆਊਟ ਸੋਰਸ ਦੇ ਜ਼ਰੀਏ ਭਰਤੀ ਕੀਤੀ ਗਈ ਹੈ, ਜੋ 2700 ਦੇ ਕਰੀਬ ਸਰਕਾਰੀ ਬੱਸਾਂ ਨੂੰ ਸੰਭਾਲ ਰਹੇ ਹਨ ਜਦ ਕਿ ਪੱਕੇ ਡਰਾਈਵਰ ਤੇ ਕੰਡਕਟਰਾਂ ਦੀ ਗਿਣਤੀ ਨਾ ਮਾਤਰ ਰਹਿ ਗਈ ਹੈ।