ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਅਕਤੂਬਰ
ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 15 ਅਕਤੂਬਰ ਨੂੰ ਸਰਪੰਚਾਂ ਤੇ ਪੰਚਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ। ਇਸ ਦੌਰਾਨ ਚੋਣ ਅਮਲੇ ਵਜੋਂ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਚੋਣਾਂ ਖਤਮ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਜਾਣ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਮੁਲਾਜ਼ਮ ਤਾਂ ਤੜਕੇ ਢਾਈ-ਤਿੰਨ ਵਜੇ ਆਪਣੇ ਘਰਾਂ ਨੂੰ ਪਰਤੇ। ਡੈਮੋਕਰੈਟਿਕ ਟੀਚਰਜ਼ ਫਰੰਟ ਅਤੇ ਡੈਮੋਕਰੈਟਿਕ ਮੁਲਾਜ਼ਮ ਫਰੰਟ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣਾਂ ਦਾ ਕੰਮ ਪੂਰਾ ਹੋਣ ਤੋਂ ਬਾਅਦ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਘਰਾਂ ਤੱਕ ਸੁਰੱਖਿਅਤ ਪਹੁੰਚਾਇਆ ਜਾਣ ਨੂੰ ਵੀ ਯਕੀਨੀ ਬਣਾਇਆ ਜਾਵੇ। ਆਗੂਆਂ ਰਮਨਜੀਤ ਸਿੰਘ ਸੰਧੂ, ਰੁਪਿੰਦਰ ਪਾਲ ਸਿੰਘ ਗਿੱਲ, ਸੁਖਵਿੰਦਰ ਲੀਲ੍ਹ, ਰਾਜਿੰਦਰ ਜੰਡਿਆਲੀ ਅਤੇ ਯੰਗਪਾਲ ਰਾਏਕੋਟ ਨੇ ਕਿਹਾ ਕਿ 15 ਅਕਤੂਬਰ ਨੂੰ ਵੋਟਾਂ ਤੋਂ ਬਾਅਦ ਕਈ ਮੁਲਾਜ਼ਮ ਆਪਣੇ ਘਰੀਂ ਤੜਕੇ ਢਾਈ ਤੋਂ ਤਿੰਨ ਵਜੇ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੁਲਾਜ਼ਮਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਹੋਇਆ ਸੀ ਪਰ ਜਿਨ੍ਹਾਂ ਬੂਥਾਂ ’ਤੇ ਵੋਟਾਂ ਦੀ ਗਿਣਤੀ ਦੁਬਾਰਾ ਜਾਂ ਹੋਰ ਕਈ ਕਾਰਨਾਂ ਕਰਕੇ ਦੇਰੀ ਹੋਈ, ਉਨ੍ਹਾਂ ਮੁਲਾਜ਼ਮਾਂ ਨੂੰ ਭੁੱਖੇ ਹੀ ਆਪਣੇ ਘਰਾਂ ਨੂੰ ਪਰਤਣਾ ਪਿਆ। ਇਸ ਮੌਕੇ ਵੱਧ ਮੁਸ਼ਕਲ ਔਰਤ ਮੁਲਾਜ਼ਮਾਂ ਨੂੰ ਝੱਲਣੀ ਪਈ। ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।