ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਅਕਤੂਬਰ
ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ ਅਤੇ ਆਨਰੇਰੀ ਜਨਰਲ ਸਕੱਤਰ ਅਰਵਿੰਦਰ ਸਿੰਘ ਵੱਲੋਂ ਕੌਂਸਲ ਦੀ ਅਗਵਾਈ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਨੂੰ ਅਕਾਦਮਿਕ ਖੇਤਰ ਵਿੱਚ ਨਵੀ ਸੇਧ ਦੇਣ, ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ, ਰਾਸ਼ਟਰੀ ਤੇ ਅੰਤਰਰਾਸ਼ਟਰੀ ਕਾਨਫਰੰਸਾਂ ਨੂੰ ਆਯੋਜਿਤ ਕਰਨ, ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਕਾਦਮਿਕ ਤੌਰ ਉਪਰ ਵਿਕਾਸ ਦੀਆਂ ਨਵੀਆਂ ਸੰਭਾਵਨਾਵਾਂ ਨੂੰ ਪੈਦਾ ਕਰਨ ਲਈ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨਾਲ ਆਪਸੀ ਸਹਿਯੋਗ ਅਤੇ ਤਾਲਮੇਲ ਨੂੰ ਵਧਾਉਣ ਲਈ ਅੱਜ ਇੱਕ ਸਮਝੌਤਾ ਕੀਤਾ ਗਿਆ। ਇਸ ਸਮਝੌਤੇ ਤਹਿਤ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਆਉਣ ਵਾਲੇ ਸਮੇਂ ਵਿਚ ਦੇਸ਼ ਭਗਤ ਯੂਨੀਵਰਸਿਟੀ ਨਾਲ ਮਿਲ ਕੇ ਅਕਾਦਮਿਕ ਖੇਤਰ ਵਿੱਚ ਇਕ ਵਿਸਥਾਰਪੂਰਵਕ ਰਣਨੀਤੀ ਉਲੀਕਣਗੇ, ਜਿਸ ਦਾ ਮਨੋਰਥ ਦੋਵਾਂ ਸੰਸਥਾਵਾਂ ਵਿਚ ਅਧਿਆਪਨ ਅਤੇ ਖੋਜ ਕਾਰਜਾਂ ਨੂੰ ਨਵੀਆਂ ਬੁਲੰਦੀਆਂ ਤਕ ਪਹੁੰਚਾਉਣਾ ਹੋਵੇਗਾ। ਡਾ. ਐਸਪੀ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਸਸਥਾਵਾ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੋਣਗੀਆਂ।