ਸੰਤੋਖ ਗਿੱਲ
ਗੁਰੂਸਰ ਸੁਧਾਰ, 11 ਮਾਰਚ
ਸੰਯੁਕਤ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਮੇਤ ਹੋਰ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਲੁਧਿਆਣਾ ਬਠਿੰਡਾ ਰਾਜ ਮਾਰਗ ’ਤੇ ਸਥਿਤ ਹਿੱਸੋਵਾਲ ਟੌਲ ਪਲਾਜ਼ਾ ਉੱਪਰ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ। ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਾਧੂ ਸਿੰਘ ਬੋਪਾਰਾਏ, ਅਮਰਜੀਤ ਸਿੰਘ ਬੁਢੇਲ, ਬਲਵਿੰਦਰ ਸਿੰਘ ਭੱਠਲ ਅਤੇ ਮੋਹਣ ਸਿੰਘ ਬੋਪਾਰਾਏ ਨੇ ਕਿਹਾ ਕਿ ਮੋਦੀ ਹਕੂਮਤ ਦੇ ਸਭ ਹੱਥਕੰਡੇ ਫੇਲ੍ਹ ਕਰ ਕੇ ਕਿਸਾਨ ਮਜ਼ਦੂਰ ਪਿਛਲੇ 8 ਮਹੀਨਿਆਂ ਤੋਂ ਮੋਰਚਿਆਂ ਉੱਤੇ ਡਟੇ ਹਨ ਅਤੇ ਉਹ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਡਟੇ ਰਹਿਣਗੇ। ਕਿਸਾਨ ਆਗੂਆਂ ਨੇ ਦਿੱਲੀ ਮੋਰਚੇ ’ਤੇ ਡਟੇ ਕਿਸਾਨਾਂ ਦੀ ਹਾੜ੍ਹੀ ਦੀ ਵਾਢੀ ਤੋਂ ਲੈ ਕੇ ਅਗਲੀ ਫ਼ਸਲ ਦੀ ਬਿਜਾਈ ਤੱਕ ਦੀ ਸਾਰੀ ਜ਼ਿੰਮੇਵਾਰੀ ਨਿਭਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੈਠੇ ਕਿਸਾਨ ਰਲ ਮਿਲ ਕੇ ਖਾਦ, ਬੀਜ ਅਤੇ ਹੋਰ ਵੀ ਹਰ ਤਰ੍ਹਾਂ ਦੇ ਇੰਤਜ਼ਾਮ ਕਰਨਗੇ। ਉੱਧਰ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲੜੀਵਾਰ ਧਰਨੇ ਦੀ ਅਗਵਾਈ ਮਹਿੰਦਰ ਕੌਰ ਅਤੇ ਸੁਖਵਿੰਦਰ ਕੌਰ ਕਿਸਾਨ ਭੈਣਾਂ ਨੇ ਕੀਤੀ। ਕਿਸਾਨ ਆਗੂ ਪ੍ਰੋਫੈਸਰ ਜੈਪਾਲ ਸਿੰਘ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 15 ਮਾਰਚ ਨੂੰ ਡੀਜ਼ਲ, ਪੈਟਰੋਲ ਅਤੇ ਰਸੋਈ ਗੈੱਸ ਦੇ ਵਧੇ ਰੇਟਾਂ ਅਤੇ ਰੇਲਵੇ ਦੇ ਨਿੱਜੀਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਤੋਂ ਕਿਲ੍ਹਾ ਰਾਏਪੁਰ ਦੇ ਰੇਲਵੇ ਸਟੇਸ਼ਨ ਤੱਕ ਮਾਰਚ ਕਰਕੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਕਿਸਾਨ ਆਗੂ ਜਗਤਾਰ ਸਿੰਘ ਚਕੋਹੀ, ਹਰਨੇਕ ਸਿੰਘ ਗੁੱਜਰਵਾਲ, ਕਲੈਕਟਰ ਸਿੰਘ ਨਾਰੰਗਵਾਲ, ਸਾਬਕਾ ਸਰਪੰਚ ਸੁਰਜੀਤ ਸਿੰਘ ਜੋਧਾਂ ਨੇ ਵੀ ਸੰਬੋਧਨ ਕੀਤਾ।
ਭਾਜਪਾ ਆਗੂ ਖ਼ਿਲਾਫ਼ ਗੂੰਜੇ ਨਾਅਰੇ
ਜਗਰਾਉਂ (ਜਸਬੀਰ ਸ਼ੇਤਰਾ) :ਇਥੇ ਰੇਲਵੇ ਸਟੇਸ਼ਨ ’ਤੇ ਕਿਸਾਨ ਮੋਰਚੇ ਦੇ 162ਵੇਂ ਦਿਨ ਲਗਾਤਾਰ ਧਰਨਾ ਜਾਰੀ ਰਿਹਾ। ਸੰਯੁਕਤ ਮੋਰਚਾ ਵੱਲੋਂ ਐਲਾਨੇ ਅਗਲੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹੁਣੇ ਤੋਂ ਡਟਣ ਦਾ ਅਹਿਦ ਲਿਆ। ਕਿਸਾਨ ਮਜ਼ਦੂਰ ਮੋਰਚੇ ’ਚ ਇਕੱਤਰ ਧਰਨਾਕਾਰੀਆਂ ਨੇ ਸਭ ਤੋਂ ਪਹਿਲਾਂ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਆਗੂ ਪਰਵਾਰ ਸਿੰਘ ਗਾਲਬਿ, ਦਿਲਬਾਗ ਸਿੰਘ ਕਾਨੂੰਗੋ, ਨਾਟਕਕਾਰ ਸੁਰਿੰਦਰ ਸ਼ਰਮਾ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ’ਚ ਉਨ੍ਹਾਂ ਸ਼੍ਰੋਮਣੀ ਕਮੇਟੀ ਦਸਵੰਧ ਨੂੰ ਕਿਸਾਨਾਂ ਦੇ ਲੰਗਰ ’ਤੇ ਖਰਚਣਾ ਬੰਦ ਕਰਨ ਦੀ ਗੱਲ ਕੀਤੀ ਸੀ। ਧਰਨਾਕਾਰੀ ਕਿਸਾਨਾਂ ਨੇ ਭਾਜਪਾ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਰਬੰਸ ਸਿੰਘ ਅਖਾੜਾ, ਧਰਮ ਸਿੰਘ ਸੂਜਾਪੁਰ, ਜਗਦੀਸ਼ ਸਿੰਘ, ਅਰਵਿੰਦਰ ਸਿੰਘ ਕੋਹਲੀ ਨੇ 15 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਰੇਲ ਪਾਰਕ ’ਚ ਬੇਲਗਾਮ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਅਤੇ ਸ਼ਹਿਰ ’ਚ ਮਾਰਚ ਕਰਕੇ ਐੱਸਡੀਐਮ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ। ਬੁਲਾਰਿਆਂ ਨੇ 26 ਮਾਰਚ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਇਲਾਕਾ ਵਾਸੀਆਂ ਨੂੰ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਇਕ ਫੋਕਾ ਬਜਟ ਲਿਆ ਕੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨਾਲ ਮਜ਼ਾਕ ਕਰ ਰਹੀ ਹੈ ਅਤੇ ਦੂਜੇ ਪਾਸੇ ਅੰਬਾਨੀ ਦੇ ਜੀਓ ਦਾ ਪਾਵਰਕੌਮ ’ਚ ਦਾਖ਼ਲਾ ਲਾਜ਼ਮੀ ਕਰ ਦਿੱਤਾ ਗਿਆ ਹੈ।
26 ਦੇ ਭਾਰਤ ਬੰਦ ਦੀਆਂ ਤਿਆਰੀਆਂ
ਖੰਨਾ (ਜੋਗਿੰਦਰ ਸਿੰਘ ਓਬਰਾਏ):ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉੁਣ ਲਈ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਲਗਾਤਾਰ ਸ਼ਾਂਤਮਈ ਸੰਘਰਸ਼ ਕਰ ਰਹੇ ਹਨ। ਅੱਜ ਕਿਸਾਨ-ਮਜ਼ਦੂਰਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿਘ ਸਵੈਚ ਨੇ ਕਿਹਾ ਕਿ 15 ਤੋਂ 26 ਮਾਰਚ ਤੱਕ ਰੋਸ ਰੈਲੀਆਂ, ਧਰਨੇ ਅਤੇ ਮੈਮੋਰੰਡਮ ਦਿੱਤੇ ਜਾਣਗੇ, ਜਿਸ ਸਬੰਧੀ ਕਿਸਾਨ-ਮਜ਼ਦੂਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਹਰਮਿੰਦਰ ਸਿੰਘ ਨੇ ਕਿਹਾ ਕਿ 15 ਮਾਰਚ ਨੂੰ ਦਿਨੋਂ ਦਿਨ ਵੱਧ ਰਹੀ ਬੇਸ਼ੁਮਾਰ ਮਹਿੰਗਾਈ ਅਤੇ ਖੰਨਾ-ਸਮਰਾਲਾ ਦੀ ਟੁੱਟੀ ਸੜਕ ਸਬੰਧੀ ਰੋਸ ਧਰਨਾ ਦਿੰਦਿਆਂ ਏਡੀਸੀ ਖੰਨਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ।