ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਚੀਮਾ ਚੌਕ ਕੋਲ ਸਥਿਤ ਆਰਕੇ ਰੋਡ ਵਿਚ ਅਣਪਛਾਤੇ ਕਾਤਲਾਂ ਵੱਲੋਂ ਇੱਕ ਬਜ਼ੁਰਗ ਦਾ ਕਤਲ ਕਰਨ ਮਗਰੋਂ ਉਸ ਦੀ ਲਾਸ਼ ਖਾਲੀ ਪਏ ਚਾਹ ਦੇ ਖੋਖੇ ਵਿੱਚ ਸੁੱਟ ਦਿੱਤੀ ਗਈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਚਾਹ ਦੇ ਖੋਖੇ ਦੇ ਨਾਲ ਬਣੇ ਮੰਦਿਰ ’ਚ ਇਕ ਰਾਹਗੀਰ ਮੱਥਾ ਟੇਕਣ ਲਈ ਆਇਆ ਤਾਂ ਲਾਸ਼ ਵੇਖ ਕੇ ਉਸ ਨੇ ਪੁਲੀਸ ਨੂੰ ਸੂਚਨਾ ਦਿੱਤੀ। ਥਾਣਾ ਮੋਤੀ ਨਗਰ ਦੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਰਾਜ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਮੋਤੀ ਨਗਰ ਦੀ ਐੱਸਐੱਚਓ ਸਬ-ਇੰਸਪੈਕਟਰ ਹਰਸਿਮਰਨਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਮੂੰਹ ’ਤੇ ਸੱਟਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਭਾਰੀ ਚੀਜ਼ ਨਾਲ ਵਾਰ ਕੀਤੇ ਲੱਗਦੇ ਹਨ। ਮ੍ਰਿਤਕ ਦੀ ਹਾਲੇ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।