ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਮਈ
ਪੰਜਾਬ ਸਰਕਾਰ ਵੱਲੋਂ ਆਪਣੇ ਦੋ ਸਾਲਾਂ ਦੇ ਰਾਜ ਭਾਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਇੱਕ ਵੀ ਵਾਅਦਾ ਪੂਰਾ ਨਾ ਕਰਕੇ ਉਨ੍ਹਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚੋਣਾਂ ਦੇ ਦਿਨਾਂ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਥਿਤ ਤੌਰ ’ਤੇ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮੁਅੱਤਲ ਕਰ ਕੇ ਪੰਜਾਬ ਸਰਕਾਰ ਲਈ ਨਵੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿੱਚ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ 18 ਮਈ ਨੂੰ ਸਵੇਰੇ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ, ਲੁਧਿਆਣਾ ਵਿੱਚ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਰੱਖ ਲਈ ਗਈ ਹੈ। ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ, ਦਰਸ਼ਨ ਸਿੰਘ ਲੁਬਾਣਾ, ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਜਗਦੀਸ਼ ਸਿੰਘ ਚਾਹਲ, ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ, ਗੁਰਜੀਤ ਸਿੰਘ ਘੋੜੇਵਾਹ, ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਜਸਵਿੰਦਰ ਪਾਲ, ਪ੍ਰਵੀਨ ਕੁਮਾਰ ਅਤੇ ਮੇਲਾ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਕੇਂਦਰ ਸਰਕਾਰ ਅਤੇ ਹੋਰ ਰਾਜਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 12 ਫੀਸਦੀ ਡੀਏ ਘੱਟ ਪ੍ਰਾਪਤ ਕਰ ਰਹੇ ਹਨ।