ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 29 ਅਗਸਤ
ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਨੂੰ ਸਮਰਪਿਤ ਨਾਨਕਸਰ ਕਲੇਰਾਂ ਵਿਖੇ ਚੱਲ ਰਹੇ ਪੰਜ ਰੋਜ਼ਾ ਸਮਾਗਮ ਅੱਜ ਸਮਾਪਤ ਹੋ ਗਏ। ਕਈ ਲੜੀਆਂ ’ਚ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਚੜ੍ਹਦੀ ਕਲਾ ਦੀ ਅਰਦਾਸ ਹੋਈ। ਬਰਸੀ ਸਮਾਗਮਾਂ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਸਮੇਤ ਕਈ ਧਾਰਮਿਕ, ਸਿਆਸੀ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕੀਤੀ। ਮੁੱਖ ਦਰਬਾਰ ਸਾਹਿਬ ’ਚ ਬਰਸੀ ਸਮਾਗਮਾਂ ਦੀ ਸਮਾਪਤੀ ਸਮੇਂ ਨਾਨਕਸਰ ਕਲੇਰਾਂ ਦੇ ਬਾਬਾ ਗੁਰਜੀਤ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਘਾਲਾ ਸਿੰਘ, ਬਾਬਾ ਲੱਖਾ ਸਿੰਘ ਆਦਿ ਮੌਜੂਦ ਸਨ ਅਤੇ ਉਨ੍ਹਾਂ ਸੰਗਤ ਨੂੰ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬਾਬਾ ਨੰਦ ਸਿੰਘ ਨੇ ਸਿੱਖੀ ਦੇ ਪ੍ਰਚਾਰ ਤੇ ਪਸਾਰ ’ਚ ਵੱਡਾ ਯੋਗਦਾਨ ਪਾਇਆ ਅਤੇ ਧਾਰਮਿਕ ਖੇਤਰ ’ਚ ਉਨ੍ਹਾਂ ਦੀ ਵਿਲੱਖਣ ਦੇਣ ਹੈ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਨਾਨਕਸਰ ਭਗਤੀ ਦਾ ਘਰ ਹੈ, ਜਿਥੇ ਬਾਬਾ ਨੰਦ ਸਿੰਘ ਨੇ ਤਪੱਸਿਆ ਕੀਤੀ। ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਦਰਸ਼ਨ ਸਿੰਘ ਬਰਾੜ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਗੁਰਕੀਰਤ ਕੌਰ, ਦੀਦਾਰ ਸਿੰਘ ਮਲਕ, ਬਿੰਦਰ ਮਨੀਲਾ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਨੰਬਰਦਾਰ ਹਰਚਰਨ ਸਿੰਘ ਤੂਰ, ਬਲਦੇਵ ਸਿੰਘ ਬੀੜ ਗਗੜਾ ਆਦਿ ਮੌਜੂਦ ਸਨ।