ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਜੂਨ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਲੁਧਿਆਣਾ ਕਮੇਟੀ ਵੱਲੋਂ ਟਹਿਲ ਸਿੰਘ ਸਰਾਭਾ, ਪਰਮਜੀਤ ਸਿੰਘ ਸਵੱਦੀ, ਸੰਤੋਖ ਸਿੰਘ ਸਰਾਭਾ, ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ, ਪ੍ਰਵੀਨ ਕੁਮਾਰ, ਫੈੱਡਰੇਸ਼ਨ ਆਗੂ ਸੁਰਿੰਦਰ ਸਿੰਘ ਬੈਂਸ ਅਤੇ ਬਲਦੇਵ ਸਿੰਘ ਵਾਲੀਆ ਦੀ ਅਗਵਾਈ ਹੇਠ ਵਫ਼ਦ ਨੇ ਏਡੀਸੀ ਰਾਹੁਲ ਚਾਬਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ।
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਕੁੱਝ ਸਮੇਂ ਦੌਰਾਨ ਆ ਰਹੇ ਬਜਟ ਸੈਸ਼ਨ ਵਿੱਚ ਜੇਕਰ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਸਰਕਾਰ ਨੇ ਬਹਾਲ ਨਾ ਕੀਤੀ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੋਰ ਮੰਗਾਂ ਬਾਰੇ ਆਪਣੀ ਚੁੱਪੀ ਨਾ ਤੋੜੀ ਪੰਜਾਬ ਦੇ ਮੁਲਾਜ਼ਮ ਚੁੱਪ ਕਰਕੇ ਨਹੀਂ ਬੈਠਣਗੇ। ਉਨ੍ਹਾਂ ਦੱਸਿਆ ਕਿ ਮੋਰਚੇ ਵੱਲੋਂ ਬਜਟ ਇਜਲਾਸ ਦੌਰਾਨ 28 ਜੂਨ ਨੂੰ ਮੁਹਾਲੀ ਵਿੱਚ ਇਕੱਠੇ ਹੋ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਪੈਨਸ਼ਨਰਾਂ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ
ਜਗਰਾਉਂ: ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਇਕਾਈ ਜਗਰਾਉਂ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਪੰਜਾਬ ਦੇ ਸੱਦੇ ’ਤੇ ਉਪ-ਮੰਡਲ ਮੈਜਿਸਟਰੇਟ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਪ੍ਰਧਾਨ ਅੰਮ੍ਰਿਤਪਾਲ ਸਿੰਘ, ਅਵਤਾਰ ਗਗੜਾ, ਪਰਮਜੀਤ ਸਿੰਘ ਪੰੰਮੀ ਜਨਰਲ ਸਕੱਤਰ, ਪ੍ਰਧਾਨ ਜਗਸੀਰ ਸਿੰਘ ਨ੍ਹੇਰੀ, ਬਲਵਿੰਦਰ ਸਿੰਘ, ਅਵਤਾਰ ਸਿੰਘ ਵੈੱਲਡਰ, ਪੇਂਟਰ ਸਲੀਮ, ਜਸਪਾਲ ਸਿੰਘ ਤੇ ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਰਾਹੀਂ ਅਪੀਲ ਕੀਤੀ ਕਿ ਕਮੇਟੀਆਂ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਵਿਕਾਸ ਹੀਰਾ ਨੇ ਆਖਿਆ ਕਿ ਉਹ ਇਹ ਮੰਗ ਪੱਤਰ ਸਰਕਾਰ ਤੱਕ ਪਹੁੰਚਾਉਣਗੇ। -ਪੱਤਰ ਪ੍ਰੇਰਕ