ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜਨਵਰੀ
ਅਧਿਆਪਕ ਆਗੂਆਂ ਨੇ ਰਾਜਨੀਤਕ ਪਾਰਟੀਆਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਆਪਣਾ ਏਜੰਡਾ ਸਪਸ਼ਟ ਕਰਨ ਲਈ ਕਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਅਤੇ ਜਨਰਲ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਅਧਿਆਪਕ ਆਗੂਆਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹ ਸੰਘਰਸ਼ ਕਰ ਰਹੀਆਂ ਮੁਲਾਜ਼ਮ ਧਿਰਾਂ ਦੇ ਹੱਕ ’ਚ ਹਨ ਜਾਂ ਵਿਰੋਧ ਵਿੱਚ ਹਨ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਮੂਹ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਪਰ ਮੌਕੇ ਦੀਆਂ ਸਰਕਾਰਾਂ ਇਨ੍ਹਾਂ ਮੰਗਾਂ ਨੂੰ ਮੰਨਣ ਦੀ ਥਾਂ ਟਾਲ-ਮਟੌਲ ਦੀ ਨੀਤੀ ਅਖਤਿਆਰ ਕਰਦੀਆਂ ਰਹੀਆਂ ਹਨ। ਹੁਣ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਪਰ ਰਾਜਨੀਤਕ ਪਾਰਟੀਆਂ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅਜੇ ਵੀ ਕੋਈ ਏਜੰਡਾ ਸਾਹਮਣੇ ਨਹੀਂ ਆ ਰਿਹਾ ਹੈ।