ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਅਕਤੂਬਰ
ਇੱਥੇ ਅੱਜ ਸੀਆਈਏ ਦੀ ਟੀਮ ਅਤੇ ਉਨ੍ਹਾਂ ਦੇ ਨਾਲ ਆਏ ਨਸ਼ਾ ਤਸਕਰੀ ਦੇ ਮੁਲਜ਼ਮਾਂ ’ਤੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਡਾਕਟਰੀ ਜਾਂਚ ਦੌਰਾਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਸੀਆਈਏ ਟੀਮ ਨੇ ਹਸਪਤਾਲ ਚੌਕੀ ਦੀ ਪੁਲੀਸ ਨੂੰ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸੀਆਈਏ ਵਨ ਵਿੱਚ ਤਾਇਨਾਤ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਐੱਨਡੀਪੀਐੱਸ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਮੈਡੀਕਲ ਕਰਵਾਉਣ ਲਈ ਲੈ ਕੇ ਆਇਆ ਸੀ। ਇੱਥੇ ਅੱਧੀ ਦਰਜਨ ਨੌਜਵਾਨਾਂ ਨੇ ਦੋਵਾਂ ਮੁਲਜ਼ਮਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਏਐੱਸਆਈ ਬੂਟਾ ਸਿੰਘ ਨੇ ਆਪਣੀ ਟੀਮ ਨਾਲ ਮਿਲ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਸਿਵਲ ਹਸਪਤਾਲ ਦੀ ਪੁਲੀਸ ਵੱਲੋਂ ਹਸਪਤਾਲ ਦੇ ਐਮਰਜੈਂਸੀ ਕਮਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਕਬਜ਼ੇ ਵਿੱਚ ਲੈ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੁਲੀਸ ਇੰਸਪੈਕਟਰ ’ਤੇ ਜਾਨਲੇਵਾ ਹਮਲਾ
ਲੁਧਿਆਣਾ (ਗੁਰਿੰਦਰ ਸਿੰਘ): ਇੱਥੇ ਥਾਣਾ ਸਰਾਭਾ ਨਗਰ ਦੇ ਇੰਸਪੈਕਟਰ ਨੀਰਜ ਚੌਧਰੀ ’ਤੇ ਥਾਣੇ ਅੰਦਰ ਹੀ ਇੱਕ ਵਿਅਕਤੀ ਨੇ ਜਾਨਲੇਵਾ ਹਮਲਾ ਕਰ ਦਿੱਤਾ। ਪੁਲੀਸ ਵੱਲੋਂ ਮੁਲਜ਼ਮ ਨੂੰ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਦੀ ਪਛਾਣ ਜਤਿੰਦਰ ਸਿੰਘ ਉਰਫ਼ ਕਾਕੀ ਵਾਸੀ ਅਵਤਾਰ ਨਗਰ, ਥਰੀਕੇ ਰੋਡ, ਨੇੜੇ ਇਯਾਲੀ ਚੌਕ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਉਸ ਨੇ ਥਾਣੇ ਵਿੱਚ ਹੀ ਐੱਸਐੱਚਓ ’ਤੇ ਹਮਲਾ ਕਰ ਦਿੱਤਾ। ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਅਵਤਾਰ ਨਗਰ, ਥਰੀਕੇ ਰੋਡ, ਨੇੜੇ ਇਯਾਲੀ ਚੌਕ ਵਾਸੀ ਜਤਿੰਦਰ ਸਿੰਘ ਉਰਫ਼ ਕਾਕੀ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿੱਚ ਦਰਜ ਕੇਸ ਨੰਬਰ 130 ਮਿਤੀ 14.10.2024 ਅ/ਧ 126 (2),140(3) ਅਤੇ 61 (2) ਤਹਿਤ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਉਸ ਨੇ ਤੈਸ਼ ਵਿੱਚ ਆ ਕੇ ਉਸ ਉਪਰ ਜਾਨਲੇਵਾ ਹਮਲਾ ਕਰ ਦਿੱਤਾ।