ਸੰਤੋਖ ਗਿੱਲ
ਮੁੱਲਾਂਪੁਰ ਦਾਖਾ, 10 ਫਰਵਰੀ
ਹਲਕਾ ਦਾਖਾ ਦੇ ਪਿੰਡ ਪੰਡੋਰੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਚੋਣ ਜਲਸੇ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਵਿਧਾਇਕ ਇਯਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ’ਤੇ ਕਾਬਜ਼ ਹੋਈ ਕਾਂਗਰਸ ਨੇ ਪੰਜ ਸਾਲਾਂ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਕਾਂਗਰਸ ਦੇ ਕਾਰਜਕਾਲ ਵਿਚ ਰੇਤ ਅਤੇ ਸ਼ਰਾਬ ਮਾਫ਼ੀਆ ਪੂਰੀ ਤਰ੍ਹਾਂ ਸਰਗਰਮ ਰਿਹਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਹ ਮਾਫ਼ੀਆ ਹਲਕਾ ਦਾਖਾ ਵਿੱਚੋਂ ਹੁੰਦਾ ਹੋਇਆ ਮੁੱਖ ਮੰਤਰੀ ਚੰਨੀ ਤੱਕ ਪਹੁੰਚਦਾ ਸੀ, ਜਿਸ ਦਾ ਖ਼ੁਲਾਸਾ ਚੰਨੀ ਦੇ ਭਾਣਜੇ ਕੋਲੋਂ ਮਿਲੀ ਕਰੋੜਾਂ ਰੁਪਏ ਦੀ ਨਕਦੀ ਅਤੇ ਉਸ ਵੱਲੋਂ ਕੀਤੇ ਕਬੂਲਨਾਮੇ ਤੋਂ ਸਪੱਸ਼ਟ ਰੂਪ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਰਾਹੀਂ ਪੰਜਾਬ ਦੀ ਨੁਹਾਰ ਬਦਲਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਭਾਈ ਦਵਿੰਦਰਪਾਲ ਭੁੱਲਰ ਦੀ ਸਜ਼ਾ ਮੁਆਫ਼ੀ ਵਾਲੀ ਫਾਈਲ ਰੋਕਣ ਤੋਂ ਸਾਹਮਣੇ ਆ ਗਿਆ ਹੈ।
ਜਥੇਦਾਰ ਗਾਬੜ੍ਹੀਆ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ਼
ਲੁਧਿਆਣਾ (ਗੁਰਿੰਦਰ ਸਿੰਘ): ਹਲਕਾ ਦੱਖਣੀ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਵੱਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਉਣ ਤਾਂ ਜੋ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਸਕਣ। ਯੂਥ ਆਗੂ ਜਤਿੰਦਰ ਸਿੰਘ ਜੌਨੀ ਖਾਲਸਾ ਅਤੇ ਸੁਰਿੰਦਰ ਸਿੰਘ ਨਾਗੀ ਨੇ ਕਿਹਾ ਕਿ ਹਲਕੇ ਦੇ ਲੋਕ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ।