ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 8 ਸਤੰਬਰ
ਪੰਜਾਬ ਨੰਬਰਦਾਰਾ ਯੂਨੀਅਨ (ਰਜਿ: 643) ਦੀ ਅਹਿਮ ਇਕੱਤਰਤਾ ਇਥੇ ਗੁਰਦੁਆਰਾ ਗੁਰੂਸਰ ਕਾਉਂਕੇ ਵਿੱਚ ਹੋਈ। ਇਸ ਵਿੱਚ ਪੰਜਾਬ ਭਰ ਵਿੱਚੋਂ ਸੂਬਾ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪੰਜਾਬ ਦੇ ਨੰਬਰਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਮਤਾ ਪਾਸ ਕਰਕੇ ਬਲਜਿੰਦਰ ਸਿੰਘ ਕਿੱਲੀ ਨੂੰ ਪੰਜਾਬ ਨੰਬਰਦਾਰਾ ਯੂਨੀਅਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਅਤੇ ਬਾਕੀ ਖਾਲੀ ਅਹੁਦੇਦਾਰਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਅਸ਼ੋਕ ਸੰਧੂ ਅਤੇ ਸੇਵਕ ਸਿੰਘ ਲਾਲੀ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਨਵੇਂ ਚੁਣੇ ਪ੍ਰਧਾਨ ਬਲਜਿੰਦਰ ਸਿੰਘ ਕਿੱਲੀ ਨੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲ ਕੇ ਨੰਬਰਦਾਰਾਂ ਦੀ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੰਨਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾਵੇਗੀ। ਜੇਕਰ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਕੋਈ ਤਿੱਖਾ ਸੰਘਰਸ਼ ਵੀ ਕਰਨਾ ਪਿਆ ਤਾਂ ਯੂਨੀਅਨ ਇਸ ਤੋਂ ਵੀ ਪਿੱਛੇ ਨਹੀਂ ਹਟੇਗੀ।