ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਮਾਰਚ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਸੰਸਥਾ ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸੀਚਿਊਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਬਸੰਤ ਰਾਗ ਕੀਰਤਨ ਦਰਬਾਰ ਕਰਾਇਆ ਗਿਆ। ਇਸ ਮੌਕੇ ਗੁਰਮਤਿ ਸੰਗੀਤ ਵਿੱਦਿਆ ਦੇ ਉਸਤਾਦ ਪ੍ਰਿੰਸੀਪਲ ਸੁਖਵੰਤ ਸਿੰਘ ਨੇ ਕਿਹਾ ਕਿ ਗੁਰਮਤਿ ਸੰਗੀਤ ਮਨੁੱਖ ਨੂੰ ਇਕਸੁਰਤਾ ਅਤੇ ਵਿਚਿੱਤਰਤਾ ਦਾ ਅਨੁਭਵ ਪ੍ਰਦਾਨ ਕਰਦਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਨਰੇਰੀ ਸਕੱਤਰ ਅਤੇ ਸਟੱਡੀ ਸਰਕਲ ਦੇ ਪ੍ਰਮੁੱਖ ਆਗੂ ਗੁਰਮਤਿ ਸਿੰਘ , ਸਟੱਡੀ ਸਰਕਲ ਦੇ ਚੇਅਰਮੈਨ ਜੇਪੀ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਈ ਸਮੁੰਦ ਸਿੰਘ ਗੁਰਮਤਿ ਸੰਗੀਤ ਇੰਸੀਚਿਊਟ, ਸਵਰ ਗਿਆਨ ਐਕਡਮੀ, ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਐਕਡਮੀ ਦੇ ਵਿਦਿਆਰਥੀਆਂ ਤੋਂ ਇਲਾਵਾ ਉਸਤਾਦ ਪ੍ਰਿੰਸੀਪਲ ਸੁਖਵੰਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਨੇ ਬਸੰਤ ਰਾਗ ਵਿੱਚ ਗੁਰਬਾਣੀ ਦਾ ਆਨੰਦਮਈ ਕੀਰਤਨ ਕੀਤਾ। ਇਸ ਮੌਕੇ ਗੁਰਮੀਤ ਸਿੰਘ ਆਨਰੇਰੀ ਸਕੱਤਰ ਨੇ ਕੀਰਤਨੀ ਜੱਥਿਆਂ ਅਤੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੂੰ ਸਨਮਾਨਿਤ ਕੀਤਾ।