ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਸਤੰਬਰ
ਸੇਵਾ ਪੰਥੀ ਸੰਪਰਦਾ ਦੇ ਮੁਖੀ ਸੰਤ ਬਾਬਾ ਕਾਹਨ ਸਿੰਘ ਗੋਨਿਆਣਾ ਮੰਡੀ ਵਾਲਿਆਂ ਨੇ ਕਿਹਾ ਹੈ ਕਿ ਮਾਨਵਤਾ ਦੀ ਸੇਵਾ ਦੇ ਮੋਢੀ ਭਾਈ ਘਨ੍ਹੱਈਆ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ਹੋ ਸਕਣ। ਉਹ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਦੇ ਸਹਿਯੋਗ ਨਾਲ ਸੇਵਾ ਭਾਈ ਘਨ੍ਹੱਈਆ ਦੀ ਯਾਦ ਨੂੰ ਸਮਰਪਿਤ 317ਵੇਂ ਮੱਲ੍ਹਮ ਪੱਟੀ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਮੇਅਰ ਬਲਕਾਰ ਸਿੰਘ ਸੰਧੂ, ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਦੀਪ ਸਿੰਘ ਬਖਸ਼ੀ ਤੇ ਭਾਈ ਹਰਪਾਲ ਸਿੰਘ ਨਿਮਾਣਾ ਨੇ ਭਾਈ ਘਨ੍ਹੱਈਆ ਦੇ ਜੀਵਨ ਉਪਰ ਚਾਨਣਾ ਪਾਇਆ। ਇਸ ਤੋ ਪਹਿਲਾਂ ਭਾਈ ਹਰਜੋਤ ਸਿੰਘ ਜ਼ਖਮੀ ਦੇ ਜੱਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਜਦਕਿ ਪੰਥਕ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਗੁਰਬਾਣੀ ਦੇ ਸ਼ਬਦਾਂ ਦੀ ਵਿਆਖਿਆ ਕੀਤੀ।ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਮਿਸ਼ਨ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਪ੍ਰਧਾਨ, ਵਿਧਾਇਕ ਸਿਮਰਜੀਤ ਸਿੰਘ ਬੈਂਸ, ਕੁਲਵੰਤ ਸਿੰਘ ਸਿੱਧੂ, ਹਰਭਜਨ ਸਿੰਘ ਡੰਗ ਨੂੰ ਸਨਮਾਨਿਤ ਵੀ ਕੀਤਾ ਗਿਆ।