ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਕਤੂਬਰ
ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਮੰਗ ਪੱਤਰ ਦੇ ਕੇ ਸ਼ਾਂਤਮਈ ਢੰਗ ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਵਫ਼ਦ ਵਿੱਚ ਜਨਰਲ ਸਕੱਤਰ ਅਨਿਲ ਸਰੀਨ, ਖਜ਼ਾਨਚੀ ਗੁਰਦੇਵ ਸ਼ਰਮਾ ਅਤੇ ਪ੍ਰਵੀਨ ਬਾਂਸਲ ਵੀ ਸ਼ਾਮਲ ਸਨ। ਇਸ ਮੌਕੇ ਵਫ਼ਦ ਨੇ ਡੀਸੀ ਨੂੰ ਦੱਸਿਆ ਕਿ ‘ਆਪ’ ਸਰਕਾਰ ਦੇ ਨੁਮਾਇੰਦੇ ਜਨਤਕ ਤੌਰ ’ਤੇ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਅਤੇ ਉਨ੍ਹਾਂ ਨੂੰ ਚੋਣ ਲੜਨ ਤੋਂ ਡਰਾਇਆ- ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਹਰ ਇੱਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਪਰ ‘ਆਪ’ ਆਗੂ ਅਤੇ ਵਰਕਰ ਵਿਰੋਧੀ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਪੱਖ ਅਤੇ ਸ਼ਾਂਤ ਢੰਗ ਨਾਲ ਚੋਣਾਂ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ ਅਤੇ ਭਾਜਪਾ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ। ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਵਿਪਨ ਵਿਨਾਇਕ, ਗੁਰਦੀਪ ਸਿੰਘ ਨੀਟੂ ਹਾਜ਼ਰ ਸਨ।