ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਥੇ ਵੱਖ-ਵੱਖ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼, ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਤਰੁਨ ਚੁੱਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਸਕੱਤਰ ਅਤੇ ਪੰਜਾਬ ਦੇ ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ ਅਤੇ ਜਥੇਬੰਦੀ ਦੇ ਵਿਸਥਾਰ ਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰ ਕੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।
ਇਸ ਮੌਕੇ ਕੌਮੀ ਆਗੂ ਬੀ.ਐੱਲ. ਸੰਤੋਸ਼ ਨੇ ਵਰਕਰਾਂ ਅਤੇ ਆਗੂਆਂ ਨੂੰ ਨਗਰ ਨਿਗਮ ਦੀ ਚੋਣ ਰਣਨੀਤੀ ਸਬੰਧੀ ਸਰਗਰਮ ਰਹਿਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਦੇ ਮਸਲਿਆਂ ’ਤੇ ਸਰਗਰਮ ਹੋ ਕੇ ਵਰਕਰਾਂ ਨੂੰ ਜਨਤਕ ਸਹਿਯੋਗ ਨਾਲ ਅੰਦੋਲਨ ਕਰਨ, ਜਥੇਬੰਦੀ ਦੀ ਕਾਰਜਸ਼ੈਲੀ ਅਤੇ ਸਰਗਰਮੀ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਹੈ ਅਤੇ ਭਗਵੰਤ ਮਾਨ ਸਰਕਾਰ ਸੂਬੇ ਦੇ ਸ਼ਾਂਤਮਈ ਅਤੇ ਭਾਈਚਾਰਕ ਮਾਹੌਲ ਨੂੰ ਅੱਗ ਲਗਾ ਕੇ ਅਤੇ ਲੋਕਾਂ ਨੂੰ ਮੁੜ ਮੂਰਖ ਬਣਾ ਕੇ ਆਪਣੀ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਕੇਜਰੀਵਾਲ ਦੀਆਂ ਇਨ੍ਹਾਂ ਸਿਆਸੀ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।
ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ‘ਆਪ’ ਦੇ ਝੂਠ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਣੂ ਕਰਵਾ ਕੇ ਉਨ੍ਹਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ।
ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਅਤੇ ਝੂਠੇ ਸੁਨਹਿਰੀ ਸੁਫ਼ਨੇ ਦਿਖਾ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਸੀ, ਪਰ ਹੁਣ ਜਦੋਂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਨਤਾ ਤੋਂ ਮੂੰਹ ਛੁਪਾਉਂਦੇ ਫਿਰ ਰਹੇ ਹਨ ਪਰ ਭਾਜਪਾ ਵਿਰੋਧੀ ਧਿਰ ਵਜੋਂ ਆਪਣੇ ਫ਼ਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਏਗੀ ਅਤੇ ਪੰਜਾਬ ਸਰਕਾਰ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ।