ਪੱਤਰ ਪ੍ਰੇਰਕ
ਸਮਰਾਲਾ, 9 ਅਕਤੂਬਰ
ਇੱਥੇ ਐੱਸਡੀਐੱਮ ਸਮਰਾਲਾ ਦੇ ਦਫਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੇ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੁਲਜ਼ਮ ਅਜੈ ਮਿਸ਼ਰਾ ਟੈਨੀ ਦਾ ਪੁਤਲਾ ਫੂਕਿਆ ਗਿਆ। ਆਗੂਆਂ ਨੇ ਉਕਤ ਘਟਨਾ ਦੇ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾਵਾਂ ਨਾ ਮਿਲਣ ਖ਼ਿਲਾਫ਼ ਰੋਸ ਵਿੱਚ ਪ੍ਰਦਰਸ਼ਨ ਕੀਤਾ ਅਤੇ ਘਟਨਾ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਤੇ ਹੋਰਨਾਂ ਨੂੰ ਸ਼ਰਧਾਂਜਲੀ ਦਿੱਤੀ। ਦੱਸਣਯੋਗ ਭਾਜਪਾ ਦੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਬੇਟੇ ਅਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ’ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਜੀਪ ਚੜ੍ਹਾ ਦਿੱਤੀ ਸੀ ਜਿਸ ਕਾਰਨ ਕਈ ਕਿਸਾਨਾਂ ਦੀ ਜਾਨ ਚਲੀ ਗਈ ਸੀ। ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਜੋ ਛੁਰਾ ਮਾਰਿਆ ਹੈ, ਉਸ ਲਈ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕੀਤਾ ਜਾਵੇਗਾ, ਹਾਲੇ ਵੀ ਇਨ੍ਹਾਂ ਕਾਨੂੰਨਾਂ ਸਬੰਧੀ ਤਲਵਾਰ ਲਟਕ ਰਹੀ ਹੈ, ਪਰ ਕਿਸਾਨ ਹਮੇਸ਼ਾਂ ਤਿੱਖੇ ਸੰਘਰਸ਼ ਲਈ ਤਿਆਰ ਹਨ। ਆਗੂਆਂ ਨੇ ਲਖੀਮਪੁਰ ਖੀਰੀ ਘਟਨਾ ਦੇ ਸ਼ਹੀਦ ਹੋਏ ਕਿਸਾਨਾਂ ਦੇ ਬਾਰੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਗੱਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੌਰ ਕਰੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਮਿਲ ਸਕੇ।