ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਫਰਵਰੀ
ਜ਼ਿਲ੍ਹੇ ਭਰ ਵਿਚ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੇ ਉਦੇਸ਼ ਨਾਲ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਲੁਧਿਆਣਾ ਸਮਾਰਟ ਸਿਟੀ ਅਤੇ ਅਟਲ ਮਿਸ਼ਨ ਤਹਿਤ ਮੁੜ ਸੁਰਜੀਤੀ ਅਤੇ ਅਰਬਨ ਟਰਾਂਸਫਾਰਮੇਸ਼ਨ ਪ੍ਰੋਗਰਾਮ ਤਹਿਤ 64.60 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਮੈਗਾ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 1078 ਕਰੋੜ ਰੁਪਏ ਦੀ ਲਾਗਤ ਵਾਲੇ ਨਿਗਮ ਪ੍ਰਾਜੈਕਟਾਂ ਦੇ ਵਰਚੁਅਲ ਲਾਂਚ ਵਿੱਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਹੋਰਨਾਂ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ 35.96 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਨਿਗਮ ਕੰਟਰੋਲ ਸੈਂਟਰ/ਲੁਧਿਆਣਾ ਸੇਫ਼ ਸਿਟੀ ਦੀ ਸਥਾਪਨਾ, 3.48 ਕਰੋੜ ਦੀ ਲਾਗਤ ਨਾਲ ਮਿਨੀ ਰੋਜ਼ ਗਾਰਡਨ ਦਾ ਸੁੰਦਰੀਕਰਨ ਅਤੇ ਨਵੀਨੀਕਰਣ ਸ਼ਾਮਲ ਹਨ ਅਤੇ ਖੰਨਾ ਵਿਖੇ 29 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ 25.16 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ।
ਮੰਤਰੀ ਆਸ਼ੂ ਨੇ ਦੱਸਿਆ ਕਿ ਲੁਧਿਆਣਾ ਸੇਫ ਸਿਟੀ ਪ੍ਰਾਜੈਕਟ ਤਹਿਤ ਸ਼ਹਿਰ ਵਿਚ ਪਹਿਲਾਂ ਹੀ 1442 ਸੀ.ਸੀ.ਟੀ.ਵੀ. ਕੈਮਰੇ ਕਾਰਜਸ਼ੀਲ ਹਨ ਅਤੇ ਹੁਣ 300 ਹੋਰ ਕੈਮਰੇ ਸ਼ਹਿਰ ਵਿਚ ਕੂੜਾ ਸੁੱਟਣ ਵਾਲੀਆਂ ਥਾਂਵਾਂ, ਸ਼ਹਿਰ ਦੀਆਂ ਅਤਿ ਸੰਵੇਦਨਸ਼ੀਲ ਥਾਂਵਾ ’ਤੇ ਸਥਾਪਤ ਕੀਤੇ ਜਾਣਗੇ।